ਬਾਘਾ ਪੁਰਾਣਾ, 8 ਮਈ (ਟਿੰਕੂ ਕਾਠਪਾਲ)-ਸ਼ਹਿਰ ਵਿਚ ਕਾਨੂੰਨ ਅਤੇ ਅਮਨ-ਸ਼ਾਂਤੀ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਥਾਣਾ ਬਾਘਾ ਪੁਰਾਣਾ ਦੇ ਮੁਖੀ ਜਨਕ ਰਾਜ ਵਲੋਂ ਮੇਨ ਚੌਂਕ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਪੁਲਿਸ ਪਾਰਟੀ ਵਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਬਿਨਾਂ ਕਾਗ਼ਜ਼ਾਤ ਚੱਲ ਰਹੇ ਵਾਹਨਾਂ ਦੇ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਜਨਕ ਰਾਜ ਨੇ ਦੱਸਿਆ ਕਿ ਇਹ ਮੁਹਿੰਮ ਐਸ.ਐਸ.ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਬਾਘਾ ਪੁਰਾਣਾ ਦਲਵੀਰ ਸਿੱਧੂ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਸ਼ਹਿਰ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣਾ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬਿਨਾਂ ਨੰਬਰ ਪਲੇਟ, ਬਿਨਾਂ ਰਜਿਸਟ੍ਰੇਸ਼ਨ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਚੱਲ ਰਹੇ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ | ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਤੋਂ ਪੁੱਛ ਗਿੱਛ ਵੀ ਕੀਤੀ ਗਈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਰਾਤ ਦੇ ਸਮੇਂ ਅਕਸਰ ਸ਼ਰਾਰਤੀ ਅਨਸਰ ਗਲਤ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨੂੰ ਰੋਕਣ ਲਈ ਇਸ ਤਰ੍ਹਾਂ ਦੀ ਨਾਕਾਬੰਦੀ ਬਹੁਤ ਜ਼ਰੂਰੀ ਹੈ | ਥਾਣਾ ਮੁਖੀ ਜਨਕ ਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਪੂਰੇ ਕਾਗ਼ਜ਼ਾਤ ਨਾਲ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ | ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ | ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ ਅਤੇ ਸ਼ਹਿਰ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਅਜਿਹੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ | ਇਸ ਮੌਕੇ ਪੁਲਿਸ ਪਾਰਟੀ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ |