ਬਾਘਾ ਪੁਰਾਣਾ, 8 ਮਈ (ਟਿੰਕੂ ਕਾਠਪਾਲ)-ਮਹਾਨ ਸਿੱਖ ਯੋਧੇ ਅਤੇ ਰਾਮਗੜ੍ਹੀਆ ਭਾਈਚਾਰੇ ਦੇ ਮਾਣ ਮਹਾਰਾਜਾ ਜਥੇਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ 10 ਮਈ ਐਤਵਾਰ ਨੂੰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਹ ਧਾਰਮਿਕ ਸਮਾਗਮ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ, ਮੋਗਾ ਰੋਡ ਬਾਘਾ ਪੁਰਾਣਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇਲਾਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੇਸ਼ਮ ਸਿੰਘ ਚਾਨੀ ਨੇ ਦੱਸਿਆ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜੀਵਨ ਸਿੱਖ ਕੌਮ ਲਈ ਪੇ੍ਰਰਨਾ ਸਰੋਤ ਹੈ | ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਕੌਮ ਦੀ ਚੜ੍ਹਦੀ ਕਲਾ ਅਤੇ ਧਰਮ ਦੀ ਰੱਖਿਆ ਲਈ ਮਹੱਤਵਪੂਰਨ ਯੋਗਦਾਨ ਪਾਇਆ | ਉਨ੍ਹਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਹਰ ਸਾਲ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਸਹਿਜ ਪਾਠਾਂ ਦੇ ਭੋਗ 10 ਮਈ ਐਤਵਾਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਪਾਏ ਜਾਣਗੇ | ਇਸ ਤੋਂ ਬਾਅਦ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਕਥਾ ਵਾਚਕ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਨਗੇ | ਸਮਾਗਮ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਅਤੇ ਕੌਮ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਜਾਣਗੇ | ਪ੍ਰਧਾਨ ਰੇਸ਼ਮ ਸਿੰਘ ਚਾਨੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਗਮ ਦੀਆਂ ਖ਼ੁਸ਼ੀਆਂ ਵਿਚ ਸ਼ਾਮਲ ਹੋਣ ਅਤੇ ਗੁਰੂ ਘਰ ਦੀਆਂ ਬਖ਼ਸਿਸ਼ਾਂ ਪ੍ਰਾਪਤ ਕਰਨ | ਉਨ੍ਹਾਂ ਕਿਹਾ ਕਿ ਸਮਾਗਮ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ, ਜਿਸ ਵਿਚ ਹਰ ਵਰਗ ਦੀ ਸੰਗਤ ਸ਼ਾਮਲ ਹੋ ਸਕਦੀ ਹੈ | ਇਸ ਧਾਰਮਿਕ ਸਮਾਗਮ ਨੂੰ ਲੈ ਕੇ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਸਮੂਹ ਰਾਮਗੜ੍ਹੀਆ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਵਿਚ ਇਸ ਸਮਾਗਮ ਨੂੰ ਲੈ ਕੇ ਖ਼ਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ |