ਮੋਗਾ, 8 ਮਈ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾ ਬੰਦੀ ਨੂੰ ਬਿਹਤਰ ਬਣਾਉਣ ਲਈ ਕਰਵਾਈ ਜਾ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੌਰਾਨ ਦਲਿਤਾਂ ਪ੍ਰਤੀ ਵਰਤੇ ਗਏ ਅਪਸ਼ਬਦਾਂ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਮਾਲਵਿਕਾ ਸੂਦ ਨੇ ਕਿਹਾ ਕਿ ਜਨਗਣਨਾ ਵਰਗੇ ਸੰਵੇਦਨਸ਼ੀਲ ਮਾਮਲੇ ਵਿਚ ਅਜਿਹੇ ਸ਼ਬਦ ਦੀ ਵਰਤੋਂ ਕਰਨਾ ਬਿਲਕੁਲ ਵੀ ਠੀਕ ਨਹੀਂ ਹੈ¢ ਉਨ੍ਹਾਂ ਕਿਹਾ ਕਿ ਦਲਿਤਾਂ ਪ੍ਰਤੀ ਵਰਤੇ ਗਏ ਅਪਸ਼ਬਦ ਕਾਰਨ ਐਸ.ਸੀ ਭਾਈਚਾਰੇ ਦੇ ਮਾਣ-ਸਨਮਾਨ ਨੂੰ ਗਹਿਰੀ ਚੋਟ ਪਹੁੰਚਾਈ ਹੈ ਅਤੇ ਇਸ ਨਾਲ ਸਮਾਜ ਵਿਚ ਗਲਤ ਸੰਦੇਸ਼ ਜਾਂਦਾ ਹੈ ¢ ਮਾਲਵਿਕਾ ਸੂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਨਾਲ ਸਰਕਾਰ ਦੀ ਐਸ.ਸੀ. ਭਾਈਚਾਰੇ ਪ੍ਰਤੀ ਸੋਚ ਬੇਨਕਾਬ ਹੋ ਗਈ ਹੈ |