ਕਿਸ਼ਨਪੁਰਾ ਕਲਾਂ, 10 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਇਕ ਮਜ਼ਬੂਤ ਪਾਰਟੀ ਵਜੋਂ ਉੱਭਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਦੁਬਾਰਾ ਲੋਕਾਂ ਦੇ ਦਿਲਾਂ 'ਤੇ ਰਾਜ ਕਰੇਗਾ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਸਵ: ਜਥੇਦਾਰ ਤੋਤਾ ਸਿੰਘ ਦੇ ਫ਼ਰਜ਼ੰਦ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਦਾਤਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਮਜ਼ਬੂਤ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਰਾਖੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਨਿਡਰ ਅਤੇ ਦੂਰਅੰਦੇਸ਼ੀ ਸੋਚ ਦੇ ਮਾਲਕ ਹਨ, ਜੋ ਸਦਾ ਹੀ ਪੰਜਾਬ ਦੇ ਹੱਕਾਂ ਲਈ ਡਟ ਕੇ ਖੜ੍ਹੇ ਰਹੇ ਹਨ | ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੱਤੀ ਅਤੇ ਜਨਹਿਤ ਲਈ ਕਈ ਅਹਿਮ ਫ਼ੈਸਲੇ ਲਏ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੀਆਂ ਕਈ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਨਾਲ ਧੋਖੇ ਦੇ ਬਰਾਬਰ ਹਨ ਅਤੇ ਇਸ ਕਾਰਨ ਸਰਕਾਰ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਡੀਕ ਕਰ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਮੁੜ ਅਕਾਲੀ ਦਲ ਨੂੰ ਸੱਤਾ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹੀ ਵੱਡੇ ਪੱਧਰ 'ਤੇ ਲੋਕ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਰਾਹੀਂ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਪਹੁੰਚਾਏ ਜਾਣਗੇ | ਅੰਤ ਵਿਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਦੁਬਾਰਾ ਮਜ਼ਬੂਤੀ ਨਾਲ ਉੱਭਰੇਗਾ ਅਤੇ ਪੰਜਾਬ ਵਿਚ ਸਰਕਾਰ ਕਾਇਮ ਕਰੇਗਾ | ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ ਜ਼ਿਲ੍ਹਾ ਪ੍ਰਧਾਨ, ਗੁਰਜੰਟ ਸਿੰਘ ਸਰਪੰਚ ਤਲਵੰਡੀ ਭੰਗੇਰੀਆ, ਸਾਬਕਾ ਸਰਪੰਚ ਹਰੀ ਸਿੰਘ, ਬਚਿੱਤਰ ਸਿੰਘ ਸੰਧੂ, ਸੁਖਦੇਵ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ ਸਰਾਂ, ਗੁਰਮੀਤ ਸਿੰਘ ਸੰਧੂ, ਗੁਰਸੇਵਕ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ ਜੱਸਲ, ਜੱਗੀ ਸਰਾਂ, ਕੁਲਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਤੂਰ, ਬਰਜਿੰਦਰ ਸਿੰਘ ਆਦਿ ਹਾਜ਼ਰ ਸਨ |