ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਟਰੇਡ ਯੂਨੀਅਨ ਕੌਂਸਲ ਮੋਗਾ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸਕੱਤਰ ਜਗਸੀਰ ਖੋਸਾ ਨੇ ਪੂਰੇ ਪੰਜਾਬ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੀ ਹੜਤਾਲ ਦੀ ਪੂਰੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਲਾਂ ਤੋਂ ਨਿਗਮਾਂ, ਕੌਂਸਲਾਂ ਅਤੇ ਪਿੰਡਾਂ ਵਿਚ ਕੰਮ ਕਰ ਰਹੇ ਕੱਚੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕਾ ਪ੍ਰਥਾ ਖ਼ਤਮ ਕਰਨ, ਘੱਟੋ-ਘੱਟ ਤਨਖ਼ਾਹ ਦੇ ਕਾਨੂੰਨ ਨੂੰ ਲਾਗੂ ਕਰਨ ਅਤੇ ਸਫ਼ਾਈ ਕਾਮਿਆਂ ਨੂੰ ਸਮਾਜਿਕ ਸੁਰੱਖਿਆ ਦੇਣ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ | ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਹਰ ਮੌਸਮ ਵਿਚ ਲੋਕਾਂ ਦੀ ਸਿਹਤ ਅਤੇ ਸਫ਼ਾਈ ਲਈ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਕੰਮ ਕਰਦੇ ਹਨ, ਪਰ ਸਰਕਾਰਾਂ ਵਲੋਂ ਉਨ੍ਹਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ | ਘੱਟ ਤਨਖ਼ਾਹਾਂ, ਨੌਕਰੀ ਦੀ ਅਸੁਰੱਖਿਆ ਅਤੇ ਲੰਮੇ ਸਮੇਂ ਤੋਂ ਪੱਕੇ ਨਾ ਕਰਨ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਜਗਦੀਸ਼ ਸਿੰਘ ਚਾਹਲ ਅਤੇ ਜਗਸੀਰ ਖੋਸਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਲਦੀ ਮੰਨ ਕੇ ਹੜਤਾਲ ਦਾ ਹੱਲ ਕੀਤਾ ਜਾਵੇ ਤਾਂ ਜੋ ਥਾਂ-ਥਾਂ 'ਤੇ ਲੱਗੇ ਕੂੜੇ ਦੇ ਢੇਰਾਂ ਤੋਂ ਸ਼ਹਿਰ ਨਿਵਾਸੀਆਂ ਨੂੰ ਛੁਟਕਾਰਾ ਮਿਲ ਸਕੇ | ਜੇਕਰ ਇਨ੍ਹਾਂ ਦੇ ਮਸਲਿਆਂ ਦਾ ਜਲਦੀ ਹੱਲ ਨਾ ਕੀਤਾ ਤਾਂ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰ ਲੋਕਾਂ ਲਈ ਬਿਮਾਰੀਆਂ ਅਤੇ ਹੋਰ ਮੁਸੀਬਤਾਂ ਦਾ ਕਾਰਨ ਬਣ ਸਕਦੇ ਹਨ | ਉਨ੍ਹਾਂ ਸਮੂਹ ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਦੇ ਇਸ ਜਾਇਜ਼ ਸੰਘਰਸ਼ ਦੀ ਹਮਾਇਤ ਲਈ ਅੱਗੇ ਆਉਣ |