ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਾਲਵਾ ਬੈਲਟ ਖ਼ਾਸ ਕਰਕੇ ਮੋਗਾ ਜ਼ਿਲੇ੍ਹ ਵਿਚ ਬੀਤੇ ਦਿਨ ਹੋਈ ਭਾਰੀ ਬਾਰਸ਼ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਿਆਨਕ ਨੁਕਸਾਨ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ | ਇਕ ਵਿਸ਼ੇਸ਼ ਬਿਆਨ ਵਿਚ ਪੀਰ ਮੁਹੰਮਦ ਨੇ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਅੱਖ ਦੇ ਫੋਰ ਵਿਚ ਤਬਾਹ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਾਲਵਾ ਦੇ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਇਸ ਤਾਜ਼ਾ ਕੁਦਰਤੀ ਆਫ਼ਤ ਨੇ ਉਨ੍ਹਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ | ਸਰਕਾਰ ਬਿਨਾਂ ਕਿਸੇ ਦੇਰੀ ਦੇ ਮੋਗਾ ਅਤੇ ਹੋਰ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰੇ ਤਾਂ ਜੋ ਨੁਕਸਾਨ ਦਾ ਸਹੀ ਮੁਲਾਂਕਣ ਹੋ ਸਕੇ | ਪ੍ਰਤੀ ਏਕੜ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਢੁਕਵੀਂ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਹ ਅਗਲੀ ਫ਼ਸਲ ਲਈ ਤਿਆਰ ਹੋ ਸਕਣ | ਖੇਤੀਬਾੜੀ ਵਿਭਾਗ ਦੇ ਅਧਿਕਾਰੀ ਖੇਤਾਂ ਵਿਚ ਜਾ ਕੇ ਕਿਸਾਨਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿਚ ਹੌਸਲਾ ਦੇਣ | ਪੀਰ ਮੁਹੰਮਦ ਨੇ ਕਿਹਾ ਭਾਵੇਂ ਕੁਦਰਤ ਦੇ ਕਹਿਰ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ, ਪਰ ਲੋਕਾਂ ਦੁਆਰਾ ਚੁਣੀਆਂ ਸਰਕਾਰਾਂ ਦਾ ਇਹ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਮੁਸੀਬਤ ਵੇਲੇ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੀ, ਤਾਂ ਪਾਰਟੀ ਵਲੋਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ |