ਠੱਠੀ ਭਾਈ, 12 ਮਈ (ਜਗਰੂਪ ਸਿੰਘ ਮਠਾੜੂ)-ਜੈ ਭਾਰਤ ਮੰਚ (ਬੀ.ਜੇ.ਪੀ.) ਕੈਨੇਡਾ ਬੀ.ਸੀ. ਦੇ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਇਕ ਅਹਿਮ ਰਾਸ਼ਟਰਵਾਦੀ ਪਾਰਟੀ ਹੈ ਜਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮਿਸ਼ਨ 2027 ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਪੰਜਾਬ ਅੰਦਰ ਆਪਣੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੱਕ ਵੱਡੇ ਪੱਧਰ 'ਤੇ ਲੋਕ ਸੰਪਰਕ ਮੁਹਿੰਮ ਚਲਾ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਦੇਸ਼ ਦੇ ਵਿਕਾਸ ਲਈ ਇਤਿਹਾਸਕ ਫ਼ੈਸਲੇ ਲਏ ਹਨ | ਗ਼ਰੀਬਾਂ ਲਈ ਮੁਫ਼ਤ ਰਾਸ਼ਨ ਯੋਜਨਾ, ਕਿਸਾਨਾਂ ਲਈ ਕਿਸਾਨ ਸਨਮਾਨ ਨਿਧੀ, ਘਰ-ਘਰ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਜਲ ਜੀਵਨ ਮਿਸ਼ਨ, ਮਹਿਲਾਵਾਂ ਲਈ ਉਜਾਲਾ ਯੋਜਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਰਗੀਆਂ ਸਕੀਮਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਵੱਡਾ ਬਦਲਾਅ ਲਿਆਂਦਾ ਹੈ | ਬਲਦੇਵ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਦਾ ਮਾਣ ਵੀ ਦੁਨੀਆ ਭਰ ਵਿਚ ਵਧਾਇਆ ਹੈ ਅਤੇ ਅੱਜ ਭਾਰਤ ਦੀ ਵਿਸ਼ਵ ਪੱਧਰ 'ਤੇ ਇਕ ਮਜ਼ਬੂਤ ਪਹਿਚਾਣ ਬਣੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਵੀ ਭਾਜਪਾ ਵਲੋਂ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਰੁਜ਼ਗਾਰ ਅਤੇ ਕਾਰੋਬਾਰ ਨਾਲ ਜੋੜਿਆ ਜਾ ਸਕੇ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਕਿਸਾਨ, ਵਪਾਰੀ, ਮਜ਼ਦੂਰ ਅਤੇ ਆਮ ਲੋਕ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਦੇਸ਼ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਸਕਦੀ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ 2027 ਨੂੰ ਸਫਲ ਬਣਾਉਣ ਲਈ ਘਰ-ਘਰ ਤੱਕ ਪਹੁੰਚ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੰੂ ਕਰਵਾਉਣ ਤਾਂ ਜੋ ਪੰਜਾਬ ਅੰਦਰ ਭਾਜਪਾ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਸਥਾਪਿਤ ਕੀਤਾ ਜਾ ਸਕੇ |