ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਸਿਟੀ ਜਤਿੰਦਰ ਸਿੰਘ ਅਤੇ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਦੀ ਅਗਵਾਈ ਵਿਚ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਾਣਕਾਰੀ ਮੁਤਾਬਿਕ ਜਦ ਸਬ ਇੰਸਪੈਕਟਰ ਲਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਸੱਕੀ ਵਿਅਕਤੀਆਂ ਦੀ ਤਲਾਸ਼ ਵਿਚ ਬੱਸ ਸਟੈਂਡ ਮੋਗਾ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਬੀਰ ਸਿੰਘ ਉਰਫ਼ ਸਿਵਾ ਪੁੱਤਰ ਰਾਜਾ ਸਿੰਘ ਵਾਸੀ ਮੁਹੱਲਾ ਬੇਰੀਆਂ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਆਰਮੀ ਏਰੀਏ ਦੇ ਕੋਲ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਵਿਚ ਖੜ੍ਹਾ ਹੈ | ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਸ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ 21, 61, 85 ਐਨ ਡੀ ਪੀ ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਇਸ ਸਬੰਧੀ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਕਰ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ ਅਤੇ ਨਾਲ ਹੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |