ਕੋਟ ਈਸੇ ਖਾਂ, 13 ਮਈ (ਗੁਰਮੀਤ ਸਿੰਘ ਖ਼ਾਲਸਾ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲੇ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਚ 'ਨੈਸ਼ਨਲ ਟੈਕਨੌਲੋਜੀ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਨੈਸ਼ਨਲ ਟੈਕਨੌਲੋਜੀ ਦਿਵਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਨੇ ਸੁੰਦਰ ਪੋਸਟਰ ਤਿਆਰ ਕਰਕੇ ਟੈਕਨੌਲੋਜੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਮਾਜ ਨੂੰ ਤਕਨਾਲੋਜੀ ਦੇ ਸਹੀ ਉਪਯੋਗ ਦਾ ਸੰਦੇਸ਼ ਦਿੱਤਾ | ਇਸ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਵਿਗਿਆਨ, ਆਰਟੀਫ਼ੀਸ਼ਲ ਇੰਟੈਲੀਜੈਂਸ, ਸਪੇਸ ਅਤੇ ਇਨੋਵੇਸ਼ਨ ਦੇ ਖੇਤਰ ਵਿਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਤਕਨਾਲੋਜੀ ਦਾ ਸਹੀ ਤੇ ਸੁਰੱਖਿਅਤ ਢੰਗ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅੱਜ ਦੇ ਸਮੇਂ ਵਿਚ ਤਕਨਾਲੋਜੀ ਸਿੱਖਿਆ ਦਾ ਅਹਿਮ ਹਿੱਸਾ ਬਣ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਜੁੜ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਸਕੂਲ ਵਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਬੌਧਿਕ ਅਤੇ ਰਚਨਾਤਮਿਕ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਨੈਸ਼ਨਲ ਟੈਕਨੌਲੋਜੀ ਦਿਵਸ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਅਤੇ ਵਿਗਿਆਨਕ ਸੋਚ ਵੱਲ ਪ੍ਰੇਰਿਤ ਕਰਦਾ ਹੈ |