ਕਿਸ਼ਨਪੁਰਾ ਕਲਾਂ, 13 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਧ ਰਹੇ ਤਾਪਮਾਨ ਅਤੇ ਲਗਾਤਾਰ ਤਿੱਖੀ ਪੈ ਰਹੀ ਗਰਮੀ ਨੂੰ ਦੇਖਦਿਆਂ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਦੇ ਮੁੱਖ ਸੰਚਾਲਕ ਅਤੇ ਪ੍ਰਸਿੱਧ ਸਮਾਜ ਸੇਵੀ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਮਹੱਤਵਪੂਰਨ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ | ਉਨ੍ਹਾਂ ਕਿਹਾ ਕਿ ਦਰਖ਼ਤ ਸਿਰਫ਼ ਮਨੁੱਖਾਂ ਲਈ ਹੀ ਨਹੀਂ, ਸਗੋਂ ਪੰਛੀਆਂ ਅਤੇ ਬੇਜ਼ਬਾਨ ਜਾਨਵਰਾਂ ਲਈ ਵੀ ਜੀਵਨ ਦਾ ਆਧਾਰ ਹਨ | ਡਾ. ਢਿੱਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਪਾਣੀ ਦੀ ਸੰਭਾਲ ਅਤੇ ਸੰਜਮ ਨਾਲ ਵਰਤੋਂ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਡਾ. ਢਿੱਲੋਂ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਲੋਕ ਮਿੱਟੀ ਦੇ ਭਾਂਡਿਆਂ ਜਾਂ ਛੋਟੇ ਤਸਲੇ ਰੱਖ ਕੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ ਕਰ ਸਕਦੇ ਹਨ |