ਕਿਸ਼ਨਪੁਰਾ ਕਲਾਂ, 14 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ''ਮਾਵਾਂ-ਧੀਆਂ ਸਨਮਾਨ ਯੋਜਨਾ'' ਤਹਿਤ ਪਿੰਡ ਕੋਕਰੀ ਬੁੱਟਰਾਂ ਵਿਚ ਵੱਡੇ ਪੱਧਰ 'ਤੇ ਮਹਿਲਾਵਾਂ ਦੀਆਂ ਰਜਿਸਟਰੇਸ਼ਨਾਂ ਕੀਤੀਆਂ ਗਈਆਂ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਦੀ ਜਾਂਚ ਕਰਕੇ ਅਤੇ ਲੋੜੀਂਦੇ ਦਸਤਾਵੇਜ਼ ਇਕੱਠੇ ਕਰਕੇ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬੁੱਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਯੋਜਨਾ ਨੂੰ ਹੁਣ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮਕਸਦ ਘਰੇਲੂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਅਤੇ ਪਰਿਵਾਰਕ ਖ਼ਰਚਾਂ ਵਿਚ ਸਹਾਇਤਾ ਪ੍ਰਦਾਨ ਕਰਨਾ ਹੈ | ਰਜਿਸਟਰੇਸ਼ਨ ਕੈਂਪ ਦੌਰਾਨ ਪਿੰਡ ਦੀਆਂ ਮਹਿਲਾਵਾਂ ਵਿਚ ਯੋਜਨਾ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਪਹੁੰਚ ਕੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਹਾਜ਼ਰ ਪੰਚਾਂ ਅਤੇ ਸਰਪੰਚ ਨੇ ਕਿਹਾ ਕਿ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਇਆ ਜਾਵੇਗਾ ਅਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਇਸ ਮੌਕੇ ਪ੍ਰਕਾਸ਼ ਸਿੰਘ ਪੰਚ, ਨਾਜ਼ਰ ਸਿੰਘ, ਜਸਵਿੰਦਰ ਕੌਰ, ਹਰਵਿੰਦਰ ਕੌਰ, ਹਰਬਿੰਦਰ ਕੌਰ, ਸ਼ਿੰਦਰਪਾਲ ਕੌਰ ਬਲਾਕ ਪ੍ਰਧਾਨ, ਅਜੈਬ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਸਾਬਕਾ ਸਰਪੰਚ, ਰਘਵੀਰ ਸਿੰਘ ਬੁੱਟਰ, ਪਿ੍ੰਸੀਪਲ ਜਗਰੂਪ ਸਿੰਘ, ਅਮਰਜੀਤ ਕੌਰ, ਕਰਮਜੀਤ ਕੌਰ, ਕਿਰਨਜੀਤ ਕੌਰ, ਗੁਰਮੀਤ ਕੌਰ, ਤਰਨਦੀਪ ਕੌਰ, ਜਸਪ੍ਰੀਤ ਕੌਰ, ਸ਼ਿੰਦਰ ਕੌਰ ਪ੍ਰਧਾਨ, ਗੁਰਪ੍ਰੀਤ ਸਿੰਘ ਗੋਰਾ, ਹਰਬੰਸ ਸਿੰਘ, ਬਹਾਦਰ ਸਿੰਘ, ਗਗਨਦੀਪ ਸਿੰਘ, ਬਲਵੀਰ ਸਿੰਘ, ਜਗਤਾਰ ਸਿੰਘ, ਜਗਵੀਰ ਸਿੰਘ ਬੁੱਟਰ, ਜਸਵੀਰ ਕੌਰ, ਪਰਮਜੀਤ ਕੌਰ, ਕਮਲ ਕੌਰ ਅਤੇ ਇੰਦਰਜੀਤ ਕੌਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |