03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਾਮਜ਼ਦਗੀ ਭਰਨ ਦੇ ਦੂਸਰੇ ਦਿਨ ਤੱਕ ਮੋਗਾ ਨਗਰ ਨਿਗਮ ਲਈ ਕੋਈ ਨਾਮਜ਼ਦਗੀ ਨਹੀਂ

Ad Position 21
No active advertisement
ਅਜੀਤ ਡੈਸਕ 15-05-2026
ਸੁਰਿੰਦਰਪਾਲ ਸਿੰਘ
ਮੋਗਾ, 14 ਮਈ-ਪੰਜਾਬ ਸਰਕਾਰ ਵਲੋਂ 9 ਨਗਰ ਨਿਗਮ ਤੇ 102 ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ 26 ਮਈ ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਹਰ ਪਾਰਟੀ ਵਲੋਂ ਜੇਤੂ ਰਹਿਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਲਈ ਯਤਨ ਜਾਰੀ ਹਨ ਤੇ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਗਈ ਜਦ ਕਿ ਅੱਜ ਨਾਮਜ਼ਦਗੀ ਭਰਨ ਦੇ ਦੂਸਰੇ ਦਿਨ ਵੀ ਮੋਗਾ ਨਗਰ ਨਿਗਮ ਕੋਲ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ | ਇਨ੍ਹਾਂ ਚੋਣਾਂ ਵਿਚ ਜਿੱਥੇ ਸੱਤਾਧਾਰੀ ਆਪ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੋਂ ਇਲਾਵਾ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿਚ ਆ ਸਕਦੇ ਹਨ | ਇਸ ਤੋਂ ਇਲਾਵਾ ਵਾਰਿਸ ਪੰਜਾਬ ਵਲੋਂ ਵੀ ਇਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਗਿਆ ਹੈ | ਨਗਰ ਨਿਗਮ ਵਿਚ ਜਿਨ੍ਹਾਂ ਉਮੀਦਵਾਰਾਂ ਨੇ ਚੋਣ ਲੜਨੀ ਹੈ ਉਹ ਅੱਜ ਵੱਡੀ ਗਿਣਤੀ ਵਿਚ ਐਨ.ਓ.ਸੀ. ਲੈਣ ਲਈ ਪੁੱਜੇ ਹੋਏ ਸਨ | ਦੂਸਰੇ ਪਾਸੇ ਜਿਨ੍ਹਾਂ ਉਮੀਦਵਾਰਾਂ ਨੇ ਐਨ.ਓ.ਸੀ. ਲੈ ਲਈ ਹੈ ਉਹ ਅੱਜ ਨਾਮਜ਼ਦਗੀ ਪੱਤਰ ਵਕੀਲਾਂ ਤੋਂ ਭਰਵਾ ਰਹੇ ਹਨ | ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਜਲਦੀ ਹੀ ਨਗਰ ਨਿਗਮ ਦੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਤੇ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਸਹਿਮਤੀ ਨਾਲ ਹੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਦੋ ਚਾਰ ਵਾਰਡਾਂ ਵਿਚ ਉਮੀਦਵਾਰਾਂ ਦਾ ਫ਼ੈਸਲਾ ਹੋਣਾ ਬਾਕੀ ਹੈ ਜਦ ਕਿ ਬਾਕੀ ਉਮੀਦਵਾਰਾਂ ਦੀ ਪਾਰਟੀ ਵਲੋਂ ਚੋਣ ਕਰ ਲਈ ਗਈ ਹੈ | ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨਾਲ ਜਦ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਚੋਣਾਂ ਲੜਨ ਲਈ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਪਾਰਟੀ ਹਾਈਕਮਾਂਡ ਵਲੋਂ ਨਗਰ ਨਿਗਮ ਮੋਗਾ ਦੀ ਚੋਣ ਨੂੰ ਲੈ ਕੇ ਅਮਰ ਸਿੰਘ ਮੈਂਬਰ ਪਾਰਲੀਮੈਂਟ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਸਲਾਹ ਮਸ਼ਵਰੇ ਨਾਲ ਉਹ ਜਲਦੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨਗੇ ਤੇ ਲਗ-ਪਗ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਵੀ ਕਰ ਲਈ ਗਈ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਤੇ ਸਾਬਕਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੇ 50 ਵਾਰਡਾਂ ਵਿਚ ਉਨ੍ਹਾਂ ਵਲੋਂ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਤੇ ਚੋਣ ਲੜਨ ਵਾਲੇ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਸਨ ਤੇ ਉਨ੍ਹਾਂ ਅਰਜ਼ੀਆਂ 'ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਜੇਤੂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਨਗਰ ਨਿਗਮ ਲਈ ਨਿਯੁਕਤ ਕਨਵੀਨਰ ਕੇ.ਡੀ. ਭੰਡਾਰੀ ਅੱਜ ਦੇਰ ਸ਼ਾਮ ਤੱਕ ਸੂਚੀ ਜਾਰੀ ਕਰ ਸਕਦੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਜੋ ਕਿ ਨਗਰ ਨਿਗਮ ਮੋਗਾ ਦੀਆਂ ਚੋਣਾਂ ਲਈ ਕਾਫ਼ੀ ਮਿਹਨਤ ਮਸ਼ੱਕਤ ਕਰ ਰਹੇ ਹਨ | ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਵੀ ਉਨ੍ਹਾਂ ਦਾ ਪੂਰਨ ਸਾਥ ਦੇ ਰਹੇ ਹਨ ਤੇ ਨਗਰ ਨਿਗਮ ਮੋਗਾ ਚੋਣਾਂ ਜਿੱਤਣ ਲਈ ਦਿਨ ਰਾਤ ਇਕ ਕਰ ਰਹੇ ਹਨ | ਸੰਜੀਤ ਸਿੰਘ ਸਨੀ ਗਿੱਲ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿਚ ਚੋਣ ਲੜਨ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਤੇ ਬਹੁਤੇ ਵਾਰਡਾਂ ਵਿਚ ਉਨ੍ਹਾਂ ਵਲੋਂ ਉਮੀਦਵਾਰ ਚੁਣ ਲਏ ਗਏ ਹਨ ਤੇ ਰਹਿੰਦੇ ਵਾਰਡਾਂ ਵਿਚ ਵੀ ਉਹ ਉਮੀਦਵਾਰਾਂ ਦਾ ਜਲਦੀ ਐਲਾਨ ਕਰ ਦੇਣਗੇ ਤੇ ਅੱਜ 15 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਫ਼ੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ | ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰਛਪਾਲ ਸਿੰਘ ਸੋਸਣ ਵੀ ਆਪਣੇ ਉਮੀਦਵਾਰਾਂ ਦੀ ਚੋਣ ਕਰ ਰਹੇ ਹਨ ਜਿਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਣਾ ਹੈ | ਇਸ ਤੋਂ ਇਲਾਵਾ ਕਈ ਵਾਰਡਾਂ ਵਿਚ ਪਾਰਟੀ ਦੀ ਟਿਕਟ ਨਾ ਮਿਲਣ ਕਾਰਨ ਜਾਂ ਪਾਰਟੀ ਤੋਂ ਨਿਰਾਸ਼ ਹੋ ਕੇ ਬਹੁਤ ਸਾਰੇ ਉਮੀਦਵਾਰ ਆਜ਼ਾਦ ਤੌਰ 'ਤੇ ਵੀ ਚੋਣ ਮੈਦਾਨ ਵਿਚ ਨਿੱਤਰ ਸਕਦੇ ਹਨ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਹੁਣ ਤੱਕ ਨਗਰ ਨਿਗਮ ਮੋਗਾ ਤੋਂ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਦ ਕਿ ਨਗਰ ਪੰਚਾਇਤ ਕੋਟ ਈਸੇ ਖਾਂ ਲਈ ਕੁੱਲ 9 ਨਾਮਜ਼ਦਗੀਆਂ ਹੋਈਆਂ ਹਨ | ਉਨ੍ਹਾਂ ਦੱਸਿਆ ਕਿ 16 ਮਈ 2026 ਦਿਨ ਸਨਿੱਚਰਵਾਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਸੋਮਵਾਰ ਨੂੰ ਹੋਵੇਗੀ | ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ ਮੰਗਲਵਾਰ ਦੁਪਹਿਰ 3 ਵਜੇ ਤੱਕ ਹੈ | ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਦੱਸਿਆ ਕਿ 26 ਮਈ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ ਸ਼ੁੱਕਰਵਾਰ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਚੋਣਾਂ ਨੂੰ ਲੈ ਕੇ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਹਨ | ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਲਈ ਬੜੀ ਸੂਝਬੂਝ ਨਾਲ ਚੱਲ ਰਹੀਆਂ ਹਨ ਕਿਉਂਕਿ ਇਨ੍ਹਾਂ ਚੋਣਾਂ ਦੀ ਜਿੱਤ ਹਾਰ ਦਾ 2027 ਚੋਣਾਂ 'ਤੇ ਅਸਰ ਦੇਖਣ ਨੂੰ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ-- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਕਰਵਾਈਆਂ ਆਪਣੀਆਂ ਨਾਮਜ਼ਦਗੀਆਂ
Ad Position 24