ਧਰਮਕੋਟ, 14 ਮਈ (ਪਰਮਜੀਤ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਆਲ ਓਵਰ ਮੈਰਿਟ ਵਿਚ ਗੁਰਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ | ਸੁਖਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਨਾਲ ਮਾਪਿਆਂ ਅਤੇ ਅਧਿਆਪਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਮੈਡੀਕਲ ਗਰੁੱਪ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦ ਕਿ ਸੁਖਪ੍ਰੀਤ ਕੌਰ ਨੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚ ਗੁਰਲੀਨ ਕੌਰ ਨੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲਿਯਤ ਦਾ ਪ੍ਰਮਾਣ ਦਿੱਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਇੰਦਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦ ਕਿ ਤੇਜਪਾਲ ਸਿੰਘ ਸਮਰਾ ਨੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਕਾਮਯਾਬੀ ਨੇ ਸਕੂਲ ਦੀ ਸਿੱਖਿਆ ਦੀ ਉੱਚ ਪੱਧਰੀ ਗੁਣਵੱਤਾ ਨੂੰ ਦਰਸਾਇਆ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਬਲਜੀਤ ਕੌਰ ਭੁੱਲਰ ਅਤੇ ਪਿ੍ੰਸੀਪਲ ਸ਼੍ਰੀਮਤੀ ਸਮਿਤਾ ਸਿੰਘ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |