ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਬਾਕਰਵਾਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਾਇੰਸ, ਕਾਮਰਸ ਅਤੇ ਆਰਟਸ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰ ਕੇ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਦਾ ਸ਼ਾਨਦਾਰ ਪ੍ਰਮਾਣ ਦਿੱਤਾ | ਸਾਇੰਸ ਸਟ੍ਰੀਮ ਵਿਚ ਸੁਪਰੀਤ ਕੌਰ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਤਰਨਪ੍ਰੀਤ ਕੌਰ ਨੇ 85.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ, ਰਮਨਦੀਪ ਕੌਰ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕਾਮਰਸ ਸਟ੍ਰੀਮ ਵਿਚ ਬਲਕਰਨ ਸਿੰਘ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਲਵਪ੍ਰੀਤ ਸਿੰਘ ਨੇ 80.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਦਵਿੰਦਰ ਸਿੰਘ ਨੇ 72.2 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਕਠਨ ਮਿਹਨਤ, ਅਧਿਆਪਕਾਂ ਦੀ ਯੋਗ ਰਹਿਨੁਮਾਈ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਅਰਦਾਸ ਕਰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |