ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿਚੋਂ ਬਾਹਰ ਕਰਨਾ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਜ਼ਿਲ੍ਹਾ ਮੋਗਾ ਵਿਚ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਘਰੋਂ-ਘਰੀਂ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ 804 ਬੀ.ਐਲ.ਓ., 80 ਸੁਪਰਵਾਈਜ਼ਰ, 4 ਈ.ਆਰ.ਓ. ਅਤੇ 8 ਏ.ਈ.ਆਰ.ਓ. ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਹਰੇਕ ਬੀ.ਐਲ.ਓ. ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ | ਐਸ.ਆਈ.ਆਰ. ਸਬੰਧੀ ਬੀ.ਐਲ.ਓ. ਨੂੰ ਟਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਬੀ.ਐਲ.ਓ. ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ | ਸ੍ਰੀ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ 7 ਲੱਖ 55 ਹਜ਼ਾਰ 429 ਵੋਟਰਾਂ ਵਿਚੋਂ 6 ਲੱਖ 47 ਹਜ਼ਾਰ 781 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.06 ਫ਼ੀਸਦੀ ਬਣਦੀ ਹੈ | ਜ਼ਿਲ੍ਹਾ ਮੋਗਾ ਦੇ ਦਿਹਾਤੀ ਇਲਾਕਿਆਂ ਵਿਚ 91.09 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿਚ 76.86 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ 2026 ਤੱਕ ਜਾਵੇਗਾ | ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਮੋਗਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿਚ ਬੀ.ਐਲ.ਓ. ਨੂੰ ਪੂਰਾ ਸਹਿਯੋਗ ਕਰਨ | ਆਮ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਆਪਸ਼ਨ ਮੁਹੱਈਆ ਕਰਵਾਈ ਗਈ ਹੈ ਜਿਸ ਰਾਹੀਂ ਆਮ ਵੋਟਰ ਯੋਗਤਾ ਮਿਤੀ 1 ਜਨਵਰੀ 2003 ਦੀਆਂ ਵੋਟਰ ਸੂਚੀਆਂ ਵਿਚੋਂ ਆਪਣੀ ਵੋਟ ਲੱਭ ਸਕਦਾ ਹੈ | ਸ੍ਰੀ ਸੇਤੀਆ ਨੇ ਜ਼ਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ | ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ 'ਤੇ ਰਾਜਨੀਤਕ ਪਾਰਟੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ |