ਬਾਘਾ ਪੁਰਾਣਾ, 20 ਮਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦਾ ਧਰਤੀ ਹੇਠਲਾ ਪਾਣੀ ਦਿਨ ਪ੍ਰਤੀ ਦਿਨ ਚਿੰਤਾਜਨਕ ਪੱਧਰ 'ਤੇ ਹੇਠਾਂ ਜਾ ਰਿਹਾ ਜਿਸ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਾਘਾ ਪੁਰਾਣਾ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਜਾਗਰੂਕ ਮੁਹਿੰਮ ਤਹਿਤ ਡਾ. ਗੁਰਮੀਤ ਸਿੰਘ ਮੱਲਕੇ ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਫ਼ੀਲਡ ਵਰਕਰ ਪਰਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਅਗਾਂਹਵਧੂ ਕਿਸਾਨ ਰਾਜਦੀਪ ਸਿੰਘ ਵਾਸੀ ਮਾਣੂੰਕੇ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਦੇ ਰਹੀ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 10-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ | ਇਸ ਬਿਜਾਈ ਨਾਲ ਜ਼ਮੀਨ 'ਚ ਪਾਣੀ ਦਾ ਪੱਧਰ 10-12 ਫ਼ੀਸਦੀ ਜ਼ਿਆਦਾ ਰੀਚਾਰਜ ਹੁੰਦਾ ਹੈ, ਜਿਸ ਨਾਲ ਫ਼ਸਲੀ ਬਿਮਾਰੀਆਂ ਵੀ ਘੱਟ ਲੱਗਦੀਆਂ ਹਨ | ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਾਰਨ ਮਜ਼ਦੂਰਾਂ ਦੀ ਲੋੜ ਨਹੀ ਪੈਂਦੀ ਅਤੇ ਇਸ ਬਿਜਾਈ ਕਾਰਨ ਅਗਲੀ ਫ਼ਸਲ ਕਣਕ ਦਾ 100 ਕਿੱਲੋ ਪ੍ਰਤੀ ਏਕੜ ਜ਼ਿਆਦਾ ਝਾੜ ਵੀ ਨਿਕਲਦਾ ਹੈ | ਇਸ ਮੌਕੇ ਜਗਦੀਸ਼ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ, ਰਾਜਦੀਪ ਸਿੰਘ ਆਦਿ ਕਿਸਾਨ ਹਾਜ਼ਰ ਸਨ |