ਧਰਮਕੋਟ, 21 ਮਈ (ਪਰਮਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਦੇਸ਼ ਦੇ ਵੱਖ-ਵੱਖ ਬੈਂਕਾਂ ਵਿਚ ਨਗਦੀ ਦੀ ਆ ਰਹੀ ਕਮੀ ਨੂੰ ਲੈ ਕੇ ਕੇਂਦਰ ਅਤੇ ਰਾਜ ਸਰਕਾਰਾਂ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਨੂੰ ਬੈਂਕਾਂ ਦੇ ਬਾਹਰ ਲੰਬੀਆਂ ਕਤਾਰਾਂ ਵਿਚ ਖੜ੍ਹਾ ਹੋਣਾ ਪੈ ਰਿਹਾ ਹੈ ਅਤੇ ਆਪਣੇ ਹੀ ਪੈਸੇ ਲੈਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਆਖਿਰ ਅਜਿਹੀ ਨੀਤੀ ਕਿਉਂ ਅਤੇ ਕਿਵੇਂ ਬਣਾਈ ਗਈ ਹੈ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਜਥੇਦਾਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਬਹੁਤ ਸਾਰੇ ਬੈਂਕਾਂ ਵਿੱਚ ਨਗਦੀ ਦੀ ਘਾਟ ਕਾਰਨ ਲੋਕਾਂ ਦੇ ਕੰਮ ਰੁਕ ਰਹੇ ਹਨ | ਕਿਸਾਨ ਆਪਣੇ ਖੇਤੀਬਾੜੀ ਸਬੰਧੀ ਖਰਚੇ ਪੂਰੇ ਨਹੀਂ ਕਰ ਸਕਦੇ ਜਦ ਕਿ ਵਪਾਰੀ ਅਤੇ ਛੋਟੇ ਦੁਕਾਨਦਾਰ ਰੋਜ਼ਾਨਾ ਦੇ ਲੈਣ-ਦੇਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਜ਼ੁਰਗ ਲੋਕ ਅਤੇ ਮਹਿਲਾਵਾਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਵਾਰ-ਵਾਰ ਬੈਂਕਾਂ ਦੇ ਚੱਕਰ ਕੱਟਣੇ ਪੈਂਦੇ ਹਨ ਪਰ ਨਗਦੀ ਨਾ ਮਿਲਣ ਕਾਰਨ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਡਿਜੀਟਲ ਪ੍ਰਣਾਲੀ ਨੂੰ ਉਤਸ਼ਾਹਿਤ ਕਰਨਾ ਵੱਖਰੀ ਗੱਲ ਹੈ ਪਰ ਲੋਕਾਂ ਨੂੰ ਨਗਦੀ ਤੋਂ ਵਾਂਝਾ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਮੰਨਿਆ ਜਾ ਸਕਦਾ | ਪਿੰਡਾਂ ਵਿਚ ਅਜੇ ਵੀ ਬਹੁਤ ਸਾਰੇ ਲੋਕ ਨਗਦੀ ਰਾਹੀਂ ਹੀ ਆਪਣਾ ਕਾਰੋਬਾਰ ਅਤੇ ਰੋਜ਼ਾਨਾ ਦੇ ਕੰਮ ਕਰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਜਲਦੀ ਹਾਲਾਤ ਨਾ ਸੰਭਾਲੇ ਤਾਂ ਲੋਕਾਂ ਵਿਚ ਰੋਸ ਹੋਰ ਵਧੇਗਾ | ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਮੰਗ ਕੀਤੀ ਕਿ ਬੈਂਕਾਂ ਵਿਚ ਤੁਰੰਤ ਪੂਰੀ ਨਗਦੀ ਉਪਲਬਧ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਆਰਥਿਕ ਪ੍ਰਣਾਲੀ ਵਿਚ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਨਾ ਕਿਸੇ ਵੀ ਸਰਕਾਰ ਲਈ ਠੀਕ ਨਹੀਂ ਹੁੰਦਾ ਅਤੇ ਸਮੇਂ ਸਿਰ ਹੱਲ ਕੱਢਣਾ ਬਹੁਤ ਜ਼ਰੂਰੀ ਹੈ |