ਨੱਥੂਵਾਲਾ ਗਰਬੀ, 21 ਮਈ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਲੜਕੀਆਂ ਦੀ ਸਿਹਤ ਅਤੇ ਨਿੱਜੀ ਸਫ਼ਾਈ ਸੰਬੰਧੀ ਜਾਗਰੂਕਤਾ ਫੈਲਾਉਣ ਲਈ ''ਹੈਲਥ ਐਂਡ ਹਾਈਜੀਨ ਸੈਮੀਨਾਰ'' ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਸਕੂਲ ਦੀਆਂ 5ਵੀਂ ਤੋਂ 8ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਨਿੱਜੀ ਸਫ਼ਾਈ ਅਤੇ ਸਰੀਰਕ ਦੇਖਭਾਲ ਬਾਰੇ ਜਾਗਰੂਕ ਕਰਨਾ ਸੀ | ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਸਰੀਰ ਦੀ ਸਫ਼ਾਈ, ਪੌਸ਼ਟਿਕ ਆਹਾਰ, ਸਾਫ਼ ਪਾਣੀ ਦੀ ਵਰਤੋਂ ਅਤੇ ਦਿਨ ਵਿਚ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੇ ਸਰੀਰਕ ਬਦਲਾਵਾਂ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਬਾਰੇ ਵੀ ਸਮਝਾਇਆ ਗਿਆ | ਵਿਦਿਆਰਥਣਾਂ ਨੂੰ ਸਿਹਤ ਸੰਬੰਧੀ ਸਾਵਧਾਨੀਆਂ ਅਪਣਾਉਣ ਅਤੇ ਆਤਮ-ਵਿਸ਼ਵਾਸ ਨਾਲ ਆਪਣੀਆਂ ਸਮੱਸਿਆਵਾਂ ਬਾਰੇ ਗੱਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸੈਮੀਨਾਰ ਦੌਰਾਨ ਵਿਦਿਆਰਥਣਾਂ ਨੇ ਬਹੁਤ ਹੀ ਰੁਚੀ ਨਾਲ ਹਿੱਸਾ ਲਿਆ ਅਤੇ ਆਪਣੇ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਉਚਿੱਤ ਜਵਾਬ ਦਿੱਤੇ ਗਏ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ | ਅੰਤ ਵਿਚ ਸਕੂਲ ਵਲੋਂ ਸਾਰੀਆਂ ਵਿਦਿਆਰਥਣਾਂ ਨੂੰ ਸਿਹਤਮੰਦ ਅਤੇ ਸਾਫ਼-ਸੁਥਰੀ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ |