ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਵਿਧਾਨ ਸਭਾ ਹਲਕਾ ਮੋਗਾ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪੰਜਾ ਚੋਣ ਨਿਸ਼ਾਨ ਲਈ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ | ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵਾਰਡ ਵਾਈਜ਼ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਕਾਂਗਰਸੀ ਆਗੂ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾ ਰਹੇ ਹਨ ਅਤੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ | ਮਾਲਵਿਕਾ ਸੂਦ ਨੇ ਕਿਹਾ ਕਿ ਇਸ ਵਾਰ ਮੋਗਾ ਦੇ ਲੋਕ ਕਾਂਗਰਸ ਪਾਰਟੀ ਨੂੰ ਪੂਰਾ ਸਮਰਥਨ ਦੇਣ ਲਈ ਤਿਆਰ ਹਨ ਅਤੇ ਨਿਗਮ ਚੋਣਾਂ ਵਿਚ ਕਾਂਗਰਸ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ | ਉਨ੍ਹਾਂ ਦੱਸਿਆ ਕਿ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਨਗਰ ਨਿਗਮ ਖੇਤਰ ਦੇ ਵਸਨੀਕਾਂ ਵਲੋਂ ਭਾਰੀ ਪਿਆਰ ਅਤੇ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਕਾਂਗਰਸ ਦੇ ਹੱਕ ਵਿਚ ਫ਼ੈਸਲਾ ਕਰਨ ਲਈ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਹਰ ਵਾਰਡ ਵਿਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਹਨ | ਮਾਲਵਿਕਾ ਸੂਦ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਕਾਂਗਰਸ ਸਰਕਾਰ ਦੇ ਸਮੇਂ ਮੋਗਾ ਵਿਚ ਹੋਏ ਵਿਕਾਸੀ ਕੰਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿਤਾਂ ਨੂੰ ਪਹਿਲ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹੀ ਰਵੱਈਆ ਜਾਰੀ ਰਹੇਗਾ | ਅੰਤ ਵਿਚ ਉਨ੍ਹਾਂ ਨੇ ਮੋਗਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਅਤੇ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਬਣਾਉਣ |