ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮੋਗਾ ਪੁਲਿਸ ਪੂਰੀ ਤਰ੍ਹਾਂ ਚੌਕਸ ਤੇ ਵਚਨਬੱਧ ਹੈ | ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਜੋ ਕਿ 26 ਮਈ ਨੂੰ ਹੋਣ ਜਾ ਰਹੀਆਂ ਹਨ, ਦੇ ਮੱਦੇਨਜ਼ਰ ਸਮੂਹ ਗਜ਼ਟਿਡ ਅਫ਼ਸਰਾਨ/ਮੁੱਖ ਅਫ਼ਸਰਾਨ ਥਾਣਾ ਨੂੰ ਜ਼ਿਲ੍ਹੇ ਵਿਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਨ੍ਹਾਂ ਹਦਾਇਤਾਂ ਵਿਚ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨਾ, ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਦੇਸ਼ਾਂ ਅਨੁਸਾਰ ਭਗੌੜਿਆਂ (ਪੀ.ਓ.), ਬੇਲ/ਪੈਰੋਲ ਜੰਪਰਜ ਅਤੇ ਚੋਣਾਂ ਦੌਰਾਨ ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਗ਼ੈਰ-ਜ਼ਮਾਨਤੀ ਵਾਰੰਟ ਦੀ ਤਾਮੀਲ ਨੂੰ 100 ਫ਼ੀਸਦੀ ਲਾਗੂ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਸੰਪੂਰਨ ਹੋ ਸਕਣ | ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦਾ ਪੂਰਨ ਭਰੋਸਾ ਦੇਣ ਲਈ ਫੋਰਸ ਦਾ ਸੁਚੱਜੇ ਢੰਗ ਨਾਲ ਉਪਯੋਗ ਕਰ ਕੇ ਅਸਰਦਾਰ ਢੰਗ ਨਾਲ ਨਾਕਾਬੰਦੀ ਕਰ ਕੇ ਚੈਕਿੰਗ ਤੋਂ ਇਲਾਵਾ ਫਲੈਗ ਮਾਰਚ ਕੱਢੇ ਜਾ ਰਹੇ ਹਨ | ਜ਼ਿਲ੍ਹੇ ਨਾਲ ਲੱਗਦੀਆਂ ਮੁੱਖ ਸੜਕਾਂ ਉੱਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰ ਕੇ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਗਦੀ ਦੀ ਸਮਗਲਿੰਗ ਉੱਪਰ ਕੜੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰ ਕੇ ਸਲਾਖ਼ਾਂ ਪਿੱਛੇ ਪਹੁੰਚਾਉਣ ਲਈ ਸਪੈਸ਼ਲ ਕਾਰਡਨ ਅਤੇ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਲਿੰਕ ਸੜਕਾਂ ਉੱਪਰ ਪੈਟਰੋਲਿੰਗ ਪਾਰਟੀਆਂ ਨਾਲ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ | ਸਾਰੇ ਮੁੱਖ ਅਫ਼ਸਰ ਥਾਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਉੱਪਰ ਕਰੜੀ ਨਜ਼ਰ ਰੱਖਣ ਅਤੇ ਕਿਸੇ ਨੂੰ ਵੀ ਚੋਣਾਂ ਦੌਰਾਨ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ | ਚੋਣਾਂ ਦੌਰਾਨ ਗੰਨ ਹਾਊਸ, ਕਾਊਾਟਿੰਗ ਸੈਂਟਰਾਂ, ਸਟੋਰੇਜ ਸੈਂਟਰਾਂ, ਚੋਣ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਆਦੇਸ਼ ਜਾਰੀ ਕੀਤੇ ਕਿ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਏਰੀਆ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ ਅਤੇ ਸ਼ੱਕੀ ਵਿਅਕਤੀ/ਵਹੀਕਲਾਂ ਦੀ ਚੈਕਿੰਗ ਕੀਤੀ ਜਾਵੇ | ਚਾਹਲ ਨੇ ਆਮ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮੋਗਾ ਪੁਲਿਸ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਮੋਗਾ ਪੁਲਿਸ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਅਮਨ-ਅਮਾਨ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਗ਼ਲਤ ਜਾਣਕਾਰੀ ਜਾਂ ਕਾਨੂੰਨ ਵਿਰੋਧੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਜ਼ਿਲ੍ਹਾ ਪੁਲਿਸ ਵਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਹਰ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ |