ਨਿਹਾਲ ਸਿੰਘ ਵਾਲਾ, 26 ਮਈ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਮੋਹਰੀ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਸਮਾਗਮ ਵਿਚ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੈਪਟਨ ਮੇਜਰ ਸਿੰਘ, ਸਾਬਕਾ ਪਿ੍ੰਸੀਪਲ ਮੈਡਮ ਕਿਰਨਦੀਪ ਕੌਰ ਦਿਉਲ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਵਿਦਿਆਰਥੀਆਂ ਨੇ ਰੰਗਾਂ ਰੰਗ ਸਭਿਆਚਾਰਕ ਪ੍ਰੋਗਰਾਮ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਅਤੇ ਇਸ ਤੋਂ ਬਾਅਦ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਡਾਂਸ, ਭੰਗੜਾ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਹਿ ਪਾਠੀ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਇਨਾਮਾਂ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਹਿਲਾਂ ਰਹਿ ਚੁੱਕੇ ਪਿ੍ੰਸੀਪਲ ਕਿਰਨਦੀਪ ਕੌਰ ਦੇ ਪਤੀ ਮਨਦੀਪ ਸਿੰਘ ਉਰਫ਼ ਮਾਨੂੰ ਵਲੋਂ ਬੋਰਡ ਕਲਾਸਾਂ ਵਿਚੋਂ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਨਾਲ 1100 ਰੁਪਏ ਦੀ ਧਨ ਰਾਸ਼ੀ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੇ ਇਸ ਉਪਰਾਲੇ ਦੀ ਮੌਜੂਦ ਸਾਰੇ ਮਹਿਮਾਨਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਸਾਹਿਬਾਨ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਮਾਤਾ-ਪਿਤਾ, ਅਧਿਆਪਕਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |