ਠੱਠੀ ਭਾਈ, 31 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਵਿਸ਼ਵ ਤੰਬਾਕੂ ਦਿਵਸ' ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਪਿ੍ੰਸੀਪਲ ਮੈਡਮ ਵਲੋਂ ਸ਼ਮੂਲੀਅਤ ਕੀਤੀ ਗਈ | ਕਾਮਰਸ ਵਿਭਾਗ ਦੀ ਵਿਦਿਆਰਥਣ ਰਜਨਦੀਪ ਕੌਰ ਵਲੋਂ ਤੰਬਾਕੂ ਦੇ ਬੁਰੇ ਪ੍ਰਭਾਵ ਸਬੰਧੀ ਵਿਚਾਰ ਪੇਸ਼ ਕੀਤੇ ਅਤੇ ਮਨੁੱਖੀ ਜੀਵਨ ਵਿਚ ਇਸ ਦੇ ਮਾਰੂ ਪ੍ਰਭਾਵ ਤੋਂ ਜਾਣੂੰ ਕਰਵਾਇਆ | ਸਕੂਲ ਪਿ੍ੰਸੀਪਲ ਡਾ. ਗੁਰਜੀਤ ਕੌਰ ਅਤੇ ਇੰਦਰਵੀਰ ਕੌਰ ਵਲੋਂ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਗਿਆ ਕਿ ਤੰਬਾਕੂ ਮਨੁੱਖੀ ਜੀਵਨ ਲਈ ਬਹੁਤ ਹੀ ਨੁਕਸਾਨਦਾਇਕ ਹੈ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲੱਤ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਆਪਣੇ ਆਲੇ ਦੁਆਲੇ ਦੇ ਨਾਗਰਿਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਪ੍ਰਣ ਕੀਤਾ ਗਿਆ |