ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜਾਰੀ ਕੀਤੇ ਗਏ ਸੁਧਰੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ 31 ਜੁਲਾਈ 2026 ਨੂੰ ਹੋਣ ਵਾਲੀ ਵੋਟਰ ਸੂਚੀ ਦੀ ਡਰਾਫ਼ਟ ਪਬਲੀਕੇਸ਼ਨ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ | ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ, ਜੋ ਪਹਿਲਾਂ 31 ਜੁਲਾਈ ਤੋਂ 30 ਅਗਸਤ 2026 ਤੱਕ ਨਿਰਧਾਰਿਤ ਸੀ, ਹੁਣ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ | ਇਸ ਤੋਂ ਇਲਾਵਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨੋਟਿਸਾਂ ਅਤੇ ਨਿਪਟਾਰੇ ਦੀ ਮਿਆਦ ਜੋ ਕਿ ਪਹਿਲਾਂ 31 ਜੁਲਾਈ ਤੋਂ 28 ਸਤੰਬਰ 2026 ਸੀ, ਹੁਣ 3 ਅਗਸਤ ਤੋਂ 28 ਸਤੰਬਰ 2026 ਤੱਕ ਨਿਰਧਾਰਿਤ ਕੀਤੀ ਗਈ ਹੈ | ਸਾਗਰ ਸੇਤੀਆ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨਾਲ ਸਬੰਧਿਤ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ | ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸੁਧਰੇ ਹੋਏ ਸ਼ਡਿਊਲ ਅਨੁਸਾਰ ਬੀ.ਐਲ.ਓ. ਨੂੰ ਆਪਣਾ ਸਹਿਯੋਗ ਦੇਣ |