ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਵਲੋਂ ਸ਼ਹਿਰ ਦੇ ਵਾਰਡ ਨੰਬਰ-38 ਅਧੀਨ ਆਉਂਦੇ ਨਿਊ ਟਾਊਨ, ਮੇਨ ਬਾਜ਼ਾਰ ਅਤੇ ਪੁਰਾਣੀ ਦਾਣਾ ਮੰਡੀ ਇਲਾਕਿਆਂ ਵਿਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਫੋਗਿੰਗ ਕਰਵਾਈ ਗਈ | ਇਸ ਮੌਕੇ ਸਮਾਜ ਸੇਵੀ ਲਲਿਤ ਵਿਜ ਵੀ ਹਾਜ਼ਰ ਸਨ | ਇਸ ਮੌਕੇ ਵਾਰਡ ਨੰਬਰ-38 ਦੀ ਨਵਨਿਯੁਕਤ ਕੌਂਸਲਰ ਡਿੰਪਲ ਅਰੋੜਾ ਅਤੇ ਸਾਬਕਾ ਕੌਂਸਲਰ ਸਾਹਿਲ ਅਰੋੜਾ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਨਿਗਮ ਵਲੋਂ ਮਿਲ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਨਾਲ-ਨਾਲ ਘਰਾਂ ਵਿਚ ਮਿਲਣ ਵਾਲੇ ਡੇਂਗੂ ਦੇ ਲਾਰਵੇ ਨੂੰ ਵੀ ਨਸ਼ਟ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ | ਘਰਾਂ ਵਿਚ ਚੱਲ ਰਹੇ ਕੂਲਰਾਂ ਦਾ ਪਾਣੀ ਸਮੇਂ-ਸਮੇਂ ਤੇ ਬਦਲਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਮੌਸਮ ਵਿਚ ਤਬਦੀਲੀ ਚੱਲ ਰਹੀ ਹੈ, ਇਸ ਲਈ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ |