ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਵਾਰਡ ਨੰਬਰ 47 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜੇ ਭਾਈ ਹਰਬੰਸ ਸਿੰਘ ਖ਼ਾਲਸਾ ਨੇ ਵੋਟਰਾਂ, ਸਪੋਰਟਰਾਂ ਅਤੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬੇਹੱਦ ਧੰਨਵਾਦੀ ਹਨ ਆਪਣੇ ਵੋਟਰਾਂ ਸਪੋਰਟਰਾਂ ਅਤੇ ਵਾਰਡ ਵਾਸੀਆਂ ਦੇ ਜਿਨ੍ਹਾਂ ਨੇ ਉਨ੍ਹਾਂ ਦੀ ਚੋਣ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਪੋਟਰਾਂ ਨੇ ਦਿਨ ਰਾਤ ਇਕ ਕੀਤਾ | ਉਨ੍ਹਾਂ ਕਿਹਾ ਕਿ ਭਾਵੇਂ ਉਹ ਚੋਣ ਹਾਰ ਗਏ ਅਤੇ ਲੋਕਾਂ ਦਾ ਫ਼ਤਵਾ ਸਿਰਮੱਥੇ ਹੈ ਤੇ ਉਹ ਪਹਿਲਾਂ ਵਾਂਗ ਹੀ ਵਾਰਡ ਵਾਸੀਆਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸੱਤਾਧਾਰੀ ਸਰਕਾਰ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਸ਼ਰੇਆਮ ਧੱਕੇਸ਼ਾਹੀ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਅਤੇ ਵੋਟਾਂ ਵਾਲੇ ਦਿਨ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਗੁੰਡਾਗਰਦੀ ਤੇ ਧੱਕੇਸ਼ਾਹੀ ਨੇ ਸਾਰੀਆਂ ਹੱਦਾਂ ਬੰਨਾ ਤੋੜ ਦਿੱਤੀਆਂ | ਭਾਈ ਹਰਬੰਸ ਸਿੰਘ ਖ਼ਾਲਸਾ ਨੇ ਕਿਹਾ ਕਿ ਜੋ ਧੱਕੇਸ਼ਾਹੀ ਕੀਤੀ ਗਈ ਹੈ ਇਸ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ |