ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸਰਬਜੀਤ ਸਿੰਘ ਦੌਧਰ ਨੇ ਚੰਡੀਗੜ੍ਹ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਵੱਲ ਮਾਰਚ ਕਰ ਰਹੇ ਮੁਲਾਜ਼ਮਾਂ ਤੇ ਲਾਠੀਚਾਰਜ ਕਰਨ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿੰਦਾ ਕਰਦਿਆਂ ਸਮੂਹ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡਟ ਕੇ ਪਹਿਰਾ ਦੇਣ | ਇਸ ਮੌਕੇ ਕਈ ਮੁਲਾਜ਼ਮਾਂ ਨੂੰ ਪੁਲਸੀਆਂ ਜ਼ਬਰ ਦਾ ਸਾਹਮਣਾ ਕਰਨਾ ਪਿਆ | ਕਈ ਮੁਲਾਜ਼ਮਾਂ ਨੂੰ ਸੱਟਾਂ ਵੀ ਲੱਗੀਆਂ ਹਨ | ਬਿਆਨ ਜਾਰੀ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਤੂਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਪੁਲਿਸ ਜ਼ਬਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਅਤੇ ਹੋਰ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਮੋਹਾਲੀ ਵਿਖੇ ਵੱਡੀ ਰੈਲੀ ਕਰਕੇ ਚੰਡੀਗੜ੍ਹ ਵੱਲ ਮਾਰਚ ਕੀਤਾ ਜਾ ਰਿਹਾ ਸੀ | ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਨ ਦੀ ਮੰਗ ਕੀਤੀ ਜਾ ਰਹੀ ਸੀ | ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਇਹ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | 38 ਤਰ੍ਹਾਂ ਦੇ ਬੰਦ ਕੀਤੇ ਭੱਤਿਆਂ ਨੂੰ ਬਹਾਲ ਕੀਤਾ ਜਾਵੇ | ਡੀ.ਏ. ਦੀਆਂ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ | ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਨੇ ਪੰਜਾਬ ਸਰਕਾਰ ਨੂੰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਉਪਰੰਤ ਮੰਗਾਂ ਮੰਨਣ ਦੀ ਅਪੀਲ ਕੀਤੀ | ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਭਿੰਦਰਪਾਲ, ਸਭਾ ਦੇ ਸਰਗਰਮ ਆਗੂ ਚਮਕੌਰ ਸਿੰਘ ਡਾ. ਹਰਨੇਕ ਸਿੰਘ ਰੋਡੇ, ਪ੍ਰੇਮ ਕੁਮਾਰ, ਮੋਹਣ ਸਿੰਘ, ਬਲਕਾਰ ਸਿੰਘ, ਵਿਜੈ ਕੁਮਾਰ ਅਤੇ ਹਰਪ੍ਰੀਤ ਸਿੰਘ ਢੁੱਡੀਕੇ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਸੰਘਰਸ਼ ਸ਼ੀਲ ਜਥੇਬੰਦੀਆਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣ ਦਾ ਦਿ੍ੜ ਨਿਸ਼ਚਾ ਦੁਹਰਾਇਆ ਅਤੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਨ ਹਮਾਇਤ ਕੀਤੀ |