ਕਿਸ਼ਨਪੁਰਾ ਕਲਾਂ, 8 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਬਿਜਲੀ ਮੁਲਜ਼ਮਾਂ 'ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਮਨਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ, ਪਰ ਸਰਕਾਰ ਦੇ ਹੁਕਮ 'ਤੇ ਪਟਿਆਲਾ ਪੁਲਿਸ ਵਲੋਂ ਧਰਨਾਕਾਰੀਆਂ ਦੀ ਗਿੱਦੜ ਕੁੱਟ ਕਰਕੇ ਧਰਨਾਕਾਰੀਆਂ ਦੇ ਸੰਵਿਧਾਨਕ ਹੱਕ 'ਤੇ ਡਾਕਾ ਮਾਰਿਆ ਹੈ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ | ਪ੍ਰਧਾਨ ਭੁੱਲਰ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ਇਹ ਵਾਅਦਾ ਕਰਨ ਵਾਲੀ ਸਰਕਾਰ ਕਿ ਸਾਡੇ ਰਾਜ 'ਚ ਧਰਨੇ ਮੁਜ਼ਾਹਰੇ ਕਰਨ ਦੀ ਜ਼ਰੂਰਤ ਨਹੀਂ ਪਵੇਗੀ, ਦੇ ਰਾਜ ਵਿਚ ਰੋਜ਼ ਧਰਨੇ ਪ੍ਰਦਰਸ਼ਨ ਹੋ ਰਹੇ ਹਨ | ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਜਲਦੀ ਤੋਂ ਜਲਦੀ ਹਮਦਰਦੀ ਪੂਰਵਕ ਵਿਚਾਰ ਕੀਤਾ ਜਾਵੇ ਤੇ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ 'ਤੇ ਸਖ਼ਤ ਐਕਸ਼ਨ ਲਿਆ ਜਾਵੇ, ਜ਼ਖਮੀ ਮੁਲਾਜ਼ਮਾਂ ਦੇ ਇਲਾਜ ਦੇ ਨਾਲ ਬਣਦੀ ਸਹਾਇਤਾ ਦਿੱਤੀ ਜਾਵੇ |