ਨਿਹਾਲ ਸਿੰਘ ਵਾਲਾ, 9 ਜੂਨ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਦੀ ਵਿਸ਼ੇਸ਼ ਮੀਟਿੰਗ ਕਾਕਾ ਸਵੀਟਸ ਵਿਖੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਦੀ ਅਗਵਾਈ ਹੇਠ ਹੋਈ ਜਿਸ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਅਰੰਭ ਕਰਨ ਮੌਕੇ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਵ: ਜਸਵੰਤ ਸਿੰਘ ਪੱਪੀ ਰਾਊਕੇ ਕਲਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ, ਸ਼ਹਿਰੀ ਪ੍ਰਧਾਨ ਸੰਜੀਵ ਜਿੰਦਲ ਨੇ ਕਿਹਾ ਕਿ ਵਰਤਮਾਨ ਸਮੇਂ ਅੰਦਰ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਸੂਬਾ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਬਦਲਾ ਖੋਰੀ ਦੀ ਰਾਜਨੀਤੀ ਨੇ ਪੰਜਾਬ ਦੀ ਸਿਆਸਤ ਨੂੰ ਗੰਧਲਾ ਕਰਕੇ ਰੱਖ ਦਿੱਤਾ ਹੈ | ਇਸ ਮੌਕੇ ਕਾਂਗਰਸ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਵਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ 'ਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਝਾੜੂ' ਦੀ ਕਥਿਤ ਬੇਅਦਬੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕਰਨਾ ਬਹੁਤ ਮੰਦਭਾਗਾ ਹੈ ਜਦੋਂ ਕਿ ਆਮ ਆਦਮੀ ਪਾਰਟੀ ਆਪਣੇ ਰਾਜਕਾਲ ਦੇ ਸਾਢੇ ਚਾਰ ਸਾਲ ਬਤੀਤ ਹੋ ਜਾਣ ਦੇ ਬਾਵਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ 'ਚ ਕਾਰਵਾਈ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ | ਉਕਤ ਆਗੂਆਂ ਨੇ ਸੂਬਾ ਸਰਕਾਰ ਨੂੰ ਯਾਦ ਕਰਵਾਇਆ ਕਿ ਇਸ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ 'ਚ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ ਅਜੇ ਤੱਕ ਕੋਈ ਵੀ ਢੁਕਵੀਂ ਕਾਰਵਾਈ ਨਹੀਂ ਹੋਈ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਝਾੜੂ ਨੂੰ ਖੋਲ੍ਹ ਕੇ ਪ੍ਰਦਰਸ਼ਨ ਕਰਨਾ ਸਿਰਫ਼ ਸ਼ੁਰੂਆਤ ਹੈ ਅਤੇ ਇਸ ਦਾ ਅਸਰ ਹੁਣ ਤੋਂ ਨਜ਼ਰ ਆਉਣ ਲੱਗਾ ਹੈ | ਉਨ੍ਹਾਂ ਨੇ ਆਪ ਦੇ ਆਗੂਆਂ ਨੂੰ ਕਿਹਾ ਕਿ ਇਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੋਈ ਵੀ ਤਾਨਾਸ਼ਾਹੀ ਕਾਰਵਾਈ ਇਸ ਨੂੰ ਰੋਕ ਨਹੀਂ ਸਕਦੀ |