ਧਰਮਕੋਟ, 9 ਜੂਨ (ਪਰਮਜੀਤ ਸਿੰਘ)-ਐਸ.ਸੀ. ਫ਼ਰੰਟ ਪੰਜਾਬ ਦੀ ਇਕ ਵਿਸ਼ਾਲ ਅਤੇ ਅਹਿਮ ਮੀਟਿੰਗ ਚੇਅਰਮੈਨ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਆਗੂਆਂ, ਵਰਕਰਾਂ ਅਤੇ ਸਮਾਜਿਕ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਪੰਜਾਬ ਦੇ ਮਜ਼ਦੂਰਾਂ, ਦਲਿਤਾਂ, ਬੇਜ਼ਮੀਨੇ ਪਰਿਵਾਰਾਂ ਅਤੇ ਗਰੀਬ ਵਰਗ ਨਾਲ ਸੰਬੰਧਿਤ ਅਹਿਮ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਸੀ. ਫ਼ਰੰਟ ਪੰਜਾਬ ਦੇ ਚੇਅਰਮੈਨ ਡਾ. ਰਣਜੀਤ ਸਿੰਘ ਨੇ ਕਿਹਾ ਕਿ ਦਿਨੋਂ-ਦਿਨ ਐਸ.ਸੀ. ਫ਼ਰੰਟ ਪੰਜਾਬ ਦਾ ਪਰਿਵਾਰ ਵਧਦਾ ਜਾ ਰਿਹਾ ਹੈ, ਜੋ ਕਿ ਇਹ ਦਰਸਾਉਂਦਾ ਹੈ ਕਿ ਲੋਕ ਸੰਗਠਨ ਦੀਆਂ ਨੀਤੀਆਂ ਅਤੇ ਸੰਘਰਸ਼ਾਂ 'ਤੇ ਭਰੋਸਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਐਸ.ਸੀ. ਫ਼ਰੰਟ ਪੰਜਾਬ ਹਮੇਸ਼ਾ ਦਲਿਤਾਂ, ਮਜ਼ਦੂਰਾਂ, ਕਿਸਾਨ ਮਜ਼ਦੂਰਾਂ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ ਅਤੇ ਭਵਿੱਖ ਵਿਚ ਵੀ ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੈਂਡ ਸੀਲਿੰਗ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ ਤਾਂ ਜੋ ਵਾਧੂ ਜ਼ਮੀਨਾਂ ਨੂੰ ਹਾਸਲ ਕਰਕੇ ਬੇਜ਼ਮੀਨੇ ਲੋਕਾਂ ਵਿਚ ਵੰਡਿਆਂ ਜਾ ਸਕੇ | ਉਨ੍ਹਾਂ ਕਿਹਾ ਕਿ ਹਜ਼ਾਰਾਂ ਪਰਿਵਾਰ ਅੱਜ ਵੀ ਬਿਨਾਂ ਜ਼ਮੀਨ ਦੇ ਗੁਜ਼ਾਰਾ ਕਰਨ ਲਈ ਮਜਬੂਰ ਹਨ, ਜਦ ਕਿ ਕੁਝ ਲੋਕਾਂ ਕੋਲ ਵੱਡੇ ਪੱਧਰ 'ਤੇ ਜ਼ਮੀਨਾਂ ਮੌਜੂਦ ਹਨ | ਸਰਕਾਰ ਨੂੰ ਸਮਾਜਿਕ ਬਰਾਬਰੀ ਦੇ ਸਿਧਾਂਤਾਂ ਅਨੁਸਾਰ ਬੇਜ਼ਮੀਨੇ ਲੋਕਾਂ ਨੂੰ ਜ਼ਮੀਨ ਮੁਹੱਈਆ ਕਰਵਾਉਣੀ ਚਾਹੀਦੀ ਹੈ | ਡਾ. ਰਣਜੀਤ ਸਿੰਘ ਨੇ ਦੋਸ਼ ਲਗਾਇਆ ਕਿ ਮਨਰੇਗਾ ਸਕੀਮ ਵਿਚ ਕਈ ਥਾਵਾਂ ਤੇ ਵੱਡੇ ਪੱਧਰ 'ਤੇ ਬੇਨਿਯਮੀਆਂ ਅਤੇ ਘਪਲੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸਕੀਮ ਦੀ ਪਾਰਦਰਸ਼ੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਅਸਲ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਰੋਜ਼ਗਾਰ ਅਤੇ ਮਿਹਨਤਾਨਾ ਮਿਲ ਸਕੇ | ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿਚ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਪੂਰਾ ਕੰਮ ਨਹੀਂ ਮਿਲ ਰਿਹਾ ਅਤੇ ਨਾ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਆਗੂ ਵਰਕਰ ਹਾਜ਼ਰ ਸਨ |