ਬਾਘਾ ਪੁਰਾਣਾ, 12 ਜੂਨ (ਟਿੰਕੂ ਕਾਠਪਾਲ)-ਦੇਸ਼ਾਂ ਵਿਦੇਸ਼ਾਂ ਵਿਚ ਪ੍ਰਸਿੱਧ ਸ਼ਹੀਦਾਂ ਦਾ ਪਾਵਨ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ, ਚੰਦ ਪੁਰਾਣਾ ਵਿਖੇ ਸਥਿਤ, ਸੰਗਤਾਂ ਦੀ ਅਟੁੱਟ ਸ਼ਰਧਾ ਦਾ ਕੇਂਦਰ ਬਣਿਆ ਹੋਇਆ ਹੈ | ਇਸ ਪਵਿੱਤਰ ਅਸਥਾਨ 'ਤੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਕੇ ਆਪਣੀਆਂ ਮਨੋਕਾਮਨਾਵਾਂ ਦੀ ਪੂਰਤੀ ਲਈ ਅਰਦਾਸ ਕਰਦੀਆਂ ਹਨ | ਇਹ ਧਾਰਮਿਕ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਯਾਦ ਨਾਲ ਜੁੜਿਆ ਹੋਇਆ ਹੈ, ਜਿਸ ਕਾਰਨ ਇਸ ਨਾਲ ਲੱਖਾਂ ਸੰਗਤਾਂ ਦੀਆਂ ਗਹਿਰੀਆਂ ਭਾਵਨਾਵਾਂ ਸਬੰਧਿਤ ਹਨ | ਹਰ ਐਤਵਾਰ ਇੱਥੇ ਵਿਸ਼ੇਸ਼ ਰੂਪ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਕੱਠ ਦੇਖਣ ਨੂੰ ਮਿਲਦਾ ਹੈ ਅਤੇ ਮਾਹੌਲ ਗੁਰਬਾਣੀ ਦੀ ਰਸਭਰੀ ਧੁਨ ਨਾਲ ਗੂੰਜਦਾ ਰਹਿੰਦਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਲੋਹੜੀ ਮਾਘੀ ਦੇ ਪਾਵਨ ਦਿਹਾੜੇ ਤੋਂ ਲਗਾਤਾਰ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸਮਾਪਤੀ 18 ਜੂਨ, ਦਿਨ ਵੀਰਵਾਰ ਨੂੰ ਕੀਤੀ ਜਾਵੇਗੀ | ਇਸ ਮੌਕੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ਾਲ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ 18 ਜੂਨ ਨੂੰ ਇਸ ਪਾਵਨ ਅਸਥਾਨ ਨੂੰ ਪ੍ਰਗਟ ਕਰਨ ਵਾਲੇ ਮਹਾਨ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਵੀ ਸਜਾਇਆ ਜਾਵੇਗਾ | ਇਸ ਸਮਾਗਮ ਵਿਚ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਲੰਬੇ ਸਮੇਂ ਤੱਕ ਨਿਰੰਤਰ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਸੰਗਤਾਂ ਦੀ ਅਟੁੱਟ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ | ਇੱਥੇ ਅਖੰਡ ਪਾਠ ਕਰਵਾਉਣ ਲਈ ਸੰਗਤਾਂ ਨੂੰ ਕਈ ਵਾਰ ਦੋ ਸਾਲ ਤੱਕ ਦੀ ਉਡੀਕ ਕਰਨੀ ਪੈਂਦੀ ਹੈ, ਜੋ ਇਸ ਅਸਥਾਨ ਦੀ ਮਹੱਤਤਾ ਨੂੰ ਦਰਸਾਉਂਦਾ ਹੈ | ਇਸ ਤੋਂ ਇਲਾਵਾ ਇੱਥੇ ਸਹਿਜ ਪਾਠਾਂ ਦੀਆਂ ਲੜੀਆਂ ਵੀ ਲਗਾਤਾਰ ਚੱਲਦੀਆਂ ਰਹਿੰਦੀਆਂ ਹਨ | ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਵਰਗ ਸੰਗਤਾਂ ਨੂੰ ਅਪੀਲ ਕਰਦਾ ਹੈ ਕਿ 18 ਜੂਨ ਨੂੰ ਵੱਡੀ ਗਿਣਤੀ ਵਿਚ ਪਹੁੰਚ ਕੇ ਮਹਾਂਪੁਰਖਾਂ ਨੂੰ ਯਾਦ ਕਰਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਨ ਅਤੇ ਗੁਰੂ ਘਰ ਤੋਂ ਖ਼ੁਸ਼ੀਆਂ ਪ੍ਰਾਪਤ ਕਰਨ |
18 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਵਿਖੇ ਵਿਸ਼ਾਲ ਕੀਰਤਨ ਦਰਬਾਰ-ਸੰਤ ਬਾਬਾ ਗੁਰਦੀਪ ਸਿੰਘ
ਅਜੀਤ ਡੈਸਕ
13-06-2026