ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ | ਇਸ ਮੀਟਿੰਗ ਵਿਚ ਉਨ੍ਹਾਂ ਨਾਲ ਪੁਲਿਸ ਵਿਭਾਗ, ਸਮੂਹ ਐਸ.ਡੀ.ਐਮ., ਸਿਹਤ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਸਹਾਈ ਸਿੱਧ ਹੋ ਸਕਦਾ ਹੈ | ਪੁਲਿਸ ਵਿਭਾਗ ਦੇ ਨੁਮਾਇੰਦੇ ਨੇ ਕਿਹਾ ਕਿ ਨੌਜਵਾਨਾਂ ਦੇ ਹਿਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਵੇ ਤਾਂ ਸਬੰਧਿਤ ਐਸ.ਐਚ.ਓ. ਨੂੰ ਦੱਸਿਆ ਜਾਵੇ ਹਰੇਕ ਦਾ ਪੂਰਾ ਧਿਆਨ ਰੱਖਿਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ | ਉਨ੍ਹਾਂ ਸਮੂਹ ਐਸ.ਡੀ.ਐਮ., ਡੀ.ਐਸ.ਪੀ. ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਵਿਚ ਚੱਲਦੇ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਆਦਿ ਦੀ ਰੈਗੂਲਰ ਚੈਕਿੰਗ ਕਰਨ |
ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ
ਅਜੀਤ ਡੈਸਕ
13-06-2026