ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਨੀਟ ਪੇਪਰ ਲੀਕ ਮਾਮਲੇ ਵਿਚ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ | ਦੇਸ਼ ਦੇ ਕਰੋੜਾਂ ਨੌਜਵਾਨਾਂ ਦੀਆਂ ਆਸਾਂ ਨਾਲ ਜੁੜੀ ਇਸ ਪ੍ਰੀਖਿਆ ਵਿਚ ਹੋਈਆਂ ਗੰਭੀਰ ਗੜਬੜੀਆਂ ਲਈ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਨਾਕਾਮੀ ਸਪਸ਼ਟ ਹੈ | ਇਹ ਵੀ ਗੰਭੀਰ ਸਵਾਲ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆਂ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧਨ ਦੇ ਠੇਕੇ ਕਿਵੇਂ ਦਿੱਤੇ ਗਏ | ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਇਨਕਲਾਬੀ ਨੌਜਵਾਨ ਸਭਾ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਸਾਂਝੇ ਐਕਸ਼ਨ ਦਾ ਐਲਾਨ ਕੀਤਾ ਗਿਆ ਹੈ | ਸੁਖਜੀਤ ਰਾਮਾਨੰਦੀ, ਬਲਕਰਨ ਮੋਗਾ, ਧਰਮਿੰਦਰ ਮੁਕੇਰੀਆ, ਮਨਜਿੰਦਰ ਢੇਸੀ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦੱਸਿਆ ਅੱਜ 13 ਜੂਨ ਨੂੰ ਪੰਜਾਬ ਭਰ ਵਿਚ ਨੀਟ ਪੇਪਰ ਲੀਕ ਮਾਮਲੇ ਖ਼ਿਲਾਫ਼ ਪੁਤਲਾ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ | ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਸੰਘਰਸ਼ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ |