ਬੱਧਨੀ ਕਲਾ, 12 ਜੂਨ (ਸੰਜੀਵ ਕੋਛੜ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਬੱਧਨੀ ਕਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ.) ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਹੁਕਮਾਂ ਵਿਰੁੱਧ ਬਿਜਲੀ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬਦਲੀ ਦੇ ਫ਼ੈਸਲੇ ਨੂੰ ਮੁਲਾਜ਼ਮ ਵਿਰੋਧੀ ਅਤੇ ਗੈਰ-ਵਾਜਬ ਕਰਾਰ ਦਿੰਦਿਆਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਇੰਜ. ਜਗਰੂਪ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ ਅਤੇ ਆਗੂ ਬਲਜੀਤ ਸਿੰਘ ਨੇ ਕਿਹਾ ਕਿ ਏ.ਈ. ਇੰਜ. ਜਗਰੂਪ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਬਿਜਲੀ ਸੇਵਾਵਾਂ ਨੂੰ ਬਿਹਤਰ ਬਣਾਉਣ, ਖਪਤਕਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਮੁਲਾਜ਼ਮਾਂ ਨਾਲ ਤਾਲਮੇਲ ਬਣਾਈ ਰੱਖਣ ਲਈ ਸ਼ਲਾਘਾਯੋਗ ਕੰਮ ਕੀਤਾ ਹੈ | ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਇਮਾਨਦਾਰੀ ਕਾਰਨ ਉਹ ਖਪਤਕਾਰਾਂ ਅਤੇ ਬਿਜਲੀ ਕਾਮਿਆਂ ਵਿਚ ਹਰਮਨ-ਪਿਆਰੇ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ | ਆਗੂਆਂ ਨੇ ਕਿਹਾ ਕਿ ਅਜਿਹੇ ਅਧਿਕਾਰੀ ਦੀ ਅਚਾਨਕ ਕੀਤੀ ਗਈ ਬਦਲੀ ਨਾਲ ਨਾ ਸਿਰਫ਼ ਕਰਮਚਾਰੀਆਂ ਦੇ ਮਨੋਬਲ ਨੂੰ ਠੇਸ ਪਹੁੰਚੀ ਹੈ, ਸਗੋਂ ਬਿਜਲੀ ਖਪਤਕਾਰਾਂ ਵਿਚ ਵੀ ਨਿਰਾਸ਼ਾ ਦਾ ਮਾਹੌਲ ਪੈਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਫ਼ੈਸਲੇ ਨੂੰ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕਰੇਗੀ ਅਤੇ ਬਦਲੀ ਦੇ ਹੁਕਮ ਰੱਦ ਕਰਵਾਉਣ ਲਈ ਹਰ ਸੰਘਰਸ਼ੀ ਰਾਹ ਅਪਣਾਇਆ ਜਾਵੇਗਾ | ਮੀਟਿੰਗ ਵਿਚ ਸਰਬਸੰਮਤੀ ਨਾਲ ਮੰਗ ਕੀਤੀ ਗਈ ਕਿ ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਹੁਕਮ ਤੁਰੰਤ ਵਾਪਸ ਲਏ ਜਾਣ ਅਤੇ ਉਨ੍ਹਾਂ ਨੂੰ ਬੱਧਨੀ ਕਲਾ ਵਿੱਚ ਹੀ ਸੇਵਾਵਾਂ ਜਾਰੀ ਰੱਖਣ ਦਿੱਤੀਆਂ ਜਾਣ | ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਬੰਧਨ ਨੇ ਮੁਲਾਜ਼ਮਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਗੇਟ ਰੈਲੀਆਂ, ਰੋਸ ਪ੍ਰਦਰਸ਼ਨ, ਧਰਨੇ ਅਤੇ ਹੋਰ ਤਿੱਖੇ ਸੰਘਰਸ਼ੀ ਪ੍ਰੋਗਰਾਮ ਉਲੀਕੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਇੱਕ ਅਧਿਕਾਰੀ ਦੀ ਬਦਲੀ ਦਾ ਮਸਲਾ ਨਹੀਂ, ਸਗੋਂ ਇਮਾਨਦਾਰ ਅਤੇ ਲੋਕ-ਪੱਖੀ ਪ੍ਰਸ਼ਾਸਨ ਦੀ ਰੱਖਿਆ ਦਾ ਸਵਾਲ ਹੈ | ਬਿਜਲੀ ਕਾਮਿਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਬਦਲੀ ਦੇ ਹੁਕਮ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ 'ਤੇ ਇਸ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ | ਮੀਟਿੰਗ ਦੇ ਅੰਤ ਵਿਚ ਸਮੂਹ ਬਿਜਲੀ ਕਾਮਿਆਂ ਨੇ ਇਕਜੁੱਟ ਹੋ ਕੇ ਪ੍ਰਬੰਧਨ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਆਪਣੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਨੂੰ ਹਰ ਹਾਲਤ ਵਿੱਚ ਕਾਮਯਾਬ ਬਣਾਇਆ ਜਾਵੇਗਾ |