ਨਿਹਾਲ ਸਿੰਘ ਵਾਲਾ, 13 ਜੂਨ (ਸੁਖਦੇਵ ਸਿੰਘ ਖਾਲਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਸਹਿਯੋਗ ਨਾਲ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਤਖਤੂਪੁਰਾ ਤੋਂ ਨਿਕਲਣ ਵਾਲੀਆਂ ਵੱਖ-ਵੱਖ ਲਿੰਕ ਸੜਕਾਂ ਦੇ ਬਰਮਾ ਨੂੰ ਪੂਰਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਹਾਲ ਸਿੰਘ ਵਾਲਾ ਦੇ ਐਸ.ਡੀ.ਐਮ. ਗਗਨਦੀਪ ਸਿੰਘ ਨੇ ਦੱਸਿਆ ਕਿ ਬਰਮਾ ਦੀ ਮੁਰੰਮਤ ਅਤੇ ਉਚਾਈ ਨੂੰ ਸੜਕ ਦੇ ਪੱਧਰ ਦੇ ਬਰਾਬਰ ਕਰਨ ਨਾਲ ਆਵਾਜਾਈ ਨੂੰ ਹੋਰ ਸੁਰੱਖਿਅਤ ਅਤੇ ਸੁਚਾਰੂ ਬਣਾਉਣ 'ਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਬਰਮਾ ਦੇ ਨੀਵੇਂ ਹੋਣ ਕਾਰਨ ਸੜਕ ਹਾਦਸਿਆਂ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨੂੰ ਧਿਆਨ 'ਚ ਰੱਖਦੇ ਹੋਏ ਇਹ ਕੰਮ ਤਰਜੀਹ ਦੇ ਆਧਾਰ 'ਤੇ ਕਰਵਾਇਆ ਗਿਆ ਹੈ | ਐਸ.ਡੀ.ਐਮ. ਨੇ ਦੱਸਿਆ ਕਿ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਗਰਾਮ ਪੰਚਾਇਤਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਬਿਹਤਰ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਭਵਿੱਖ 'ਚ ਵੀ ਅਜਿਹੇ ਕੰਮ ਜਾਰੀ ਰਹਿਣਗੇ | ਐਸ.ਡੀ.ਐਮ. ਗਗਨਦੀਪ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਦੀਆਂ ਬਰਮਾ ਉੱਪਰ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਟਾਈ ਜਾਂ ਨੁਕਸਾਨ ਨਾ ਹੋਣ ਦੇਣ ਅਤੇ ਜੇਕਰ ਕਿਸੇ ਥਾਂ ਅਜਿਹੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ 'ਚ ਲਿਆਉਣ | ਉਨ੍ਹਾਂ ਕਿਹਾ ਕਿ ਸੜਕਾਂ ਅਤੇ ਜਨਤਕ ਸੰਪਤੀ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੀ ਸੰਭਾਲ ਅਤੇ ਸੁਰੱਖਿਆ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਲੋਕ ਭਲਾਈ ਦੇ ਇਹ ਕੰਮ ਲੰਮੇ ਸਮੇਂ ਤੱਕ ਆਮ ਜਨਤਾ ਦੇ ਕੰਮ ਆ ਸਕਣ |