13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਸ਼ੇ ਦੀ ਪੂਰਤੀ ਨਾ ਹੋਣ ਕਾਰਨ ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

Ad Position 21
No active advertisement
ਅਜੀਤ ਡੈਸਕ 16-06-2026
ਠੱਠੀ ਭਾਈ, 15 ਜੂਨ (ਜਗਰੂਪ ਸਿੰਘ ਮਠਾੜੂ)- ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਖ਼ਾਸ ਕਰਕੇ ਕੈਮੀਕਲ ਨਸ਼ਾ ‘’ਚਿੱਟਾ’’ ਨੌਜਵਾਨ ਪੀੜ੍ਹੀ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ, ਜਿਸ ਕਾਰਨ ਅਨੇਕਾਂ ਪਰਿਵਾਰ ਉੱਜੜ ਰਹੇ ਹਨ । ਅਜਿਹਾ ਹੀ ਇਕ ਦੁਖਦਾਈ ਮਾਮਲਾ ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲ ਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਵਲੋਂ ਕਥਿਤ ਤੌਰ ‘ਤੇ ਨਸ਼ੇ ਦੀ ਪੂਰਤੀ ਨਾ ਹੋਣ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਲਾਭ ਹੀਰਾ ਪੁੱਤਰ ਕੁਲਵੰਤ ਸਿੰਘ, ਉਮਰ ਕਰੀਬ 25-26 ਸਾਲ, ਨੇ ਆਪਣੇ ਘਰ ਦੇ ਬਾਥਰੂਮ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਇਲਾਕੇ ਵਿਚ ਵੀ ਗਮ ਦਾ ਮਾਹੌਲ ਬਣ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪਿੰਡ ਮੱਲਕੇ ਦਾ ਰਹਿਣ ਵਾਲਾ ਅੰਗਰੇਜ਼ ਸਿੰਘ ਉਰਫ਼ ਸੋਨੀ ਸਿੰਘ ਅਤੇ ਉਸ ਦੀ ਪਤਨੀ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਸਾਡਾ ਲੜਕਾ ਇਨ੍ਹਾਂ ਕੋਲੋਂ ਨਸ਼ਾ ਲੈਂਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ੇ ਦੀ ਲਤ ਕਾਰਨ ਹੀ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਇਲਾਕੇ ਵਿਚ ਨਸ਼ੇ ਦੀ ਵਿੱਕਰੀ ‘ਤੇ ਸਮੇਂ ਸਿਰ ਰੋਕ ਲੱਗਦੀ ਤਾਂ ਉਨ੍ਹਾਂ ਦਾ ਪੁੱਤਰ ਅੱਜ ਜਿੰਦਾ ਹੁੰਦਾ। ਘਟਨਾ ਤੋਂ ਬਾਅਦ ਗ਼ੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀ ਦੇ ਘਰ ਦੇ ਗੇਟ ਸਾਹਮਣੇ ਮ੍ਰਿਤਕ ਦੀ ਲਾਸ਼ ਰੱਖ ਕੇ ਧਰਨਾ ਲਗਾ ਦਿੱਤਾ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਜਾਲ ਦਿਨੋ-ਦਿਨ ਫੈਲਦਾ ਜਾ ਰਿਹਾ ਹੈ ਅਤੇ ਚਿੱਟੇ ਵਰਗੇ ਖ਼ਤਰਨਾਕ ਨਸ਼ਿਆਂ ਨੇ ਅਨੇਕਾਂ ਘਰਾਂ ਦੇ ਚਿਰਾਗ਼ ਬੁਝਾ ਦਿੱਤੇ ਹਨ। ਮੌਕੇ ‘ਤੇ ਪਹੁੰਚੀ ਥਾਣਾ ਸਮਾਲਸਰ ਪੁਲਿਸ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦਾ ਭਰੋਸਾ ਦਿੱਤਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਕਥਿਤ ਦੋਸ਼ੀ ਅੰਗਰੇਜ਼ ਸਿੰਘ ਉਰਫ਼ ਸੋਨੀ ਅਤੇ ਉਸ ਦੀ ਪਤਨੀ ਖ਼ਿਲਾਫ਼ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ। ਇਸ ਉਪਰੰਤ ਪੁਲਿਸ ਵਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦਿਆਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉੱਧਰ ਇਲਾਕੇ ਦੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਚਿੱਟੇ ਅਤੇ ਹੋਰ ਨਸ਼ਿਆਂ ਦੀ ਵਿੱਕਰੀ ਨੂੰ ਪੂਰੀ ਤਰ੍ਹਾਂ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਹੋਰ ਪਰਿਵਾਰ ਅਜਿਹੇ ਦੁੱਖਾਂ ਦਾ ਸ਼ਿਕਾਰ ਨਾ ਹੋਣ।
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਮੇਅਰ ਵਿਨੇਪਾਲ ਕੌਰ ਤੇ ਕੌਂਸਲਰ ਮਨਜੀਤ ਸਿੰਘ ਧੰਮੂ ਸਨਮਾਨਿਤ ਅਗਲੀ ਖ਼ਬਰ ਪੈਸਕੋ ਮੁਲਾਜ਼ਮ ਸਾਬਕਾ ਸੈਨਿਕਾਂ ਦੀਆਂ ਦੋ ਮਹੀਨੇ ਤੋਂ ਕੱਟੀਆਂ ਤਨਖ਼ਾਹਾਂ ਦੇ ਵਿਰੋਧ ‘ਚ 132 ਕੇ.ਵੀ. ਗਰਿੱਡ ਅੱਗੇ ਰੋਸ ਧਰ...
Ad Position 24