ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਕ ਬਿਆਨ ਜਾਰੀ ਕਰਦਿਆਂ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਜਤਿੰਦਰਪਾਲ ਵਲੋਂ ਪੰਜਾਬੀਆਂ ਖ਼ਿਲਾਫ਼ ਵਰਤੀ ਗਈ ਭਾਸ਼ਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰਪਾਲ ਵਲੋਂ ਪੰਜਾਬ ਦੇ ਅਣਖੀਲੇ ਅਤੇ ਦੇਸ਼-ਭਗਤ ਲੋਕਾਂ ਨੂੰ ਜਜ਼ਬਾਤੀ ਮੂਰਖ ਕਹਿਣਾ ਸਮੁੱਚੇ ਪੰਜਾਬ, ਪੰਜਾਬੀਅਤ ਅਤੇ ਗੁਰੂਆਂ ਦੀ ਇਸ ਪਵਿੱਤਰ ਧਰਤੀ ਦਾ ਘੋਰ ਅਪਮਾਨ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਅੰਨ ਭੰਡਾਰ ਭਰਨ ਅਤੇ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਅਜਿਹੀ ਮਹਾਨ ਕੌਮ ਅਤੇ ਸੂਬੇ ਦੇ ਲੋਕਾਂ ਬਾਰੇ ਜਤਿੰਦਰਪਾਲ ਵਰਗੇ ਜ਼ਿੰਮੇਵਾਰ ਅਹੁਦੇਦਾਰ ਵਲੋਂ ਅਜਿਹੀ ਗ਼ੈਰ-ਜ਼ਿੰਮੇਵਾਰਾਨਾ ਅਤੇ ਅਪਮਾਨਜਨਕ ਟਿੱਪਣੀ ਕਰਨਾ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਜਨਤਕ ਕਰਦਾ ਹੈ। ਉਨ੍ਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਅਪੀਲ ਕਰਦਿਆਂ ਪੁਰਜ਼ੋਰ ਮੰਗ ਕੀਤੀ ਕਿ ਇਸ ਮੰਦਭਾਗੀ ਟਿੱਪਣੀ ਲਈ ਜ਼ਿੰਮੇਵਾਰ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰਪਾਲ ਤੋਂ ਤੁਰੰਤ ਅਸਤੀਫ਼ਾ ਲਿਆ ਜਾਵੇ। ਇਸ ਦੇ ਨਾਲ ਹੀ ਭਾਜਪਾ ਦੀ ਆਲ੍ਹਾ ਕਮਾਨ ਨੂੰ ਸਮੁੱਚੇ ਪੰਜਾਬੀਆਂ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਅਕਾਲੀ ਆਗੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ਨੇ ਇਸ ਮਾਮਲੇ ਵਿਚ ਤੁਰੰਤ ਠੋਸ ਕਾਰਵਾਈ ਨਾ ਕੀਤੀ ਅਤੇ ਜਤਿੰਦਰਪਾਲ ਕੋਲੋਂ ਮੁਆਫ਼ੀ ਨਾ ਮੰਗਵਾਈ, ਤਾਂ ਪੰਜਾਬ ਦੇ ਲੋਕ ਇਸ ਅਪਮਾਨ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਸਿਆਸੀ ਤੌਰ ‘ਤੇ ਭਾਜਪਾ ਨੂੰ ਇਸ ਦਾ ਵੱਡਾ ਖ਼ਮਿਆਜ਼ਾ ਭੁਗਤਣਾ ਪਵੇਗਾ, ਕਿਉਂਕਿ ਪੰਜਾਬੀ ਆਪਣੇ ਸਨਮਾਨ, ਅਣਖ ਅਤੇ ਸਵੈ-ਮਾਣ ਨਾਲ ਕਦੇ ਵੀ ਸਮਝੌਤਾ ਨਹੀਂ ਕਰ ਸਕਦੇ।