ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਤੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਇਨ੍ਹਾਂ ਦਿਨਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਵਫ਼ਦ ਨਾਲ ਕੈਨੇਡਾ ਦੇ ਦੌਰੇ ‘ਤੇ ਹਨ। ਇਸ ਸਿਲਸਿਲੇ ਤਹਿਤ ਜਦੋਂ ਉਹ ਵਿਨੀਪੈਗ ਪਹੁੰਚੇ ਤਾਂ ਉੱਥੇ ਵੱਸਦੇ ਪੰਜਾਬੀ ਭਾਈਚਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਆਗੂਆਂ ਵਲੋਂ ਉਨ੍ਹਾਂ ਦਾ ਪੁਰਜ਼ੋਰ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਵਾਸੀ ਪੰਜਾਬੀਆਂ ਵਿਚ ਖ਼ਾਸ ਜੋਸ਼ੋ-ਖਰੋਸ਼ ਵੇਖਣ ਨੂੰ ਮਿਲਿਆ ਅਤੇ ਵੱਡੀ ਤਾਦਾਦ ਵਿਚ ਲੋਕਾਂ ਨੇ ਸ਼ਿਰਕਤ ਕਰ ਕੇ ਮੱਖਣ ਬਰਾੜ ਨੂੰ ਜੀ ਆਇਆਂ ਆਖਿਆ। ਅਕਾਲੀ ਆਗੂ ਬਲਕਾਰ ਸਿੰਘ ਵਿਰਕ ਦੇ ਭਤੀਜੇ ਦੇ ਗ੍ਰਹਿ ਵਿਖੇ ਕੀਤੀ ਗਈ ਮੀਟਿੰਗ ਵਿਚ ਵਿਨੀਪੈਗ ਵਿਚ ਵੱਸਦੇ ਪੰਜਾਬੀ ਪਰਿਵਾਰਾਂ ਅਤੇ ਅਕਾਲੀ ਦਲ ਨਾਲ ਸਬੰਧਿਤ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਮੱਖਣ ਬਰਾੜ ਲੰਮੇ ਅਰਸੇ ਤੋਂ ਪਾਰਟੀ ਦੀ ਖ਼ਿਦਮਤ ਕਰਦੇ ਆ ਰਹੇ ਹਨ ਅਤੇ ਲੋਕਾਂ ਦੇ ਮਸਲਿਆਂ ਨੂੰ ਹਮੇਸ਼ਾ ਪਹਿਲ ਦੇ ਆਧਾਰ ‘ਤੇ ਉਠਾਉਂਦੇ ਰਹੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਢਿੱਲੋਂ ਪੰਚਾਇਤ ਅਫ਼ਸਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਵੇਂ ਹਜ਼ਾਰਾਂ ਮੀਲ ਦੂਰ ਹਨ ਪਰ ਉਨ੍ਹਾਂ ਦੀਆਂ ਜਜ਼ਬਾਤੀ ਡੋਰਾਂ ਅੱਜ ਵੀ ਆਪਣੇ ਵਤਨ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਈਚਾਰਾ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹਮੇਸ਼ਾ ਫ਼ਿਕਰਮੰਦ ਰਹਿੰਦਾ ਹੈ ਅਤੇ ਹਰ ਮੁਸ਼ਕਿਲ ਵੇਲੇ ਆਪਣਾ ਯੋਗਦਾਨ ਪਾਉਣ ਲਈ ਤਿਆਰ ਰਹਿੰਦਾ ਹੈ। ਆਪਣੇ ਵਿਚਾਰ ਪੇਸ਼ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸਮੂਹ ਸੰਗਤ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਭਰ ਵਿਚ ਆਪਣੀ ਮਿਹਨਤ, ਇਮਾਨਦਾਰੀ ਅਤੇ ਕਾਬਲੀਅਤ ਦੇ ਸਦਕਾ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਪ੍ਰਵਾਸੀ ਭਾਈਚਾਰੇ ਦੇ ਸੁਝਾਅ ਅਤੇ ਤਜਵੀਜ਼ਾਂ ਨੂੰ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੰਜਾਬ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਣ ਲਈ ਸੰਜੀਦਾ ਯਤਨਾਂ ਦੀ ਲੋੜ ਹੈ।