ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਦੇ ਗੁਰੂ ਰਾਮਦਾਸ ਨਗਰ ਇਲਾਕੇ ਵਿਚ ਨਗਰ ਨਿਗਮ ਵਲੋਂ ਕਥਿਤ ਗੈਰ-ਕਾਨੂੰਨੀ ਉਸਾਰੀ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਪੁਲਿਸ ਅਧਿਕਾਰੀ ਐਸ.ਪੀ. (ਡੀ) ਬਾਲ ਕਿਸ਼ਨ ਸਿੰਗਲਾ ਮੁਤਾਬਕ ਕਾਰਵਾਈ ਲਈ ਦੋ ਡੀ.ਐਸ.ਪੀ., ਚਾਰ ਐਸ.ਐਚ.�. ਅਤੇ ਕਰੀਬ 150 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਪੁਲਿਸ ਨੇ ਨਗਰ ਨਿਗਮ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਤਾਂ ਜੋ ਕਾਰਵਾਈ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਸਕੇ। ਪੁਲਿਸ ਜਾਂਚ ਅਨੁਸਾਰ ਇਹ ਮਕਾਨ ਦੋ ਭਰਾਵਾਂ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਤੇ ਦੋਵਾਂ ਉੱਪਰ ਕਈ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿਚ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਸ਼ਾਮਿਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਲਡਿੰਗ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਕਾਨ ਮਾਲਕਾਂ ਨੂੰ ਨਕਸ਼ੇ ਅਤੇ ਉਸਾਰੀ ਦੀ ਪ੍ਰਵਾਨਗੀ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਪਰ ਨਿਰਧਾਰਿਤ ਸਮੇਂ ਦੌਰਾਨ ਨਾ ਤਾਂ ਕੋਈ ਮਨਜ਼ੂਰਸ਼ੁਦਾ ਨਕਸ਼ਾ ਪੇਸ਼ ਕੀਤਾ ਗਿਆ ਅਤੇ ਨਾ ਹੀ ਕਿਸੇ ਕਿਸਮ ਦੀ ਉਸਾਰੀ ਪ੍ਰਵਾਨਗੀ ਦੇ ਦਸਤਾਵੇਜ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮਕਾਨ ਮਾਲਕਾਂ ਵਲੋਂ ਕੋਈ ਅਦਾਲਤੀ ਹੁਕਮ ਜਾਂ ਹੋਰ ਕਾਨੂੰਨੀ ਦਸਤਾਵੇਜ਼ ਵੀ ਪੇਸ਼ ਨਹੀਂ ਕੀਤੇ ਗਏ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਮਾਰਤ ਵਿਚ ਲੋੜੀਂਦਾ ਫਰੰਟ ਸੈੱਟ ਬੈਕ ਵੀ ਨਹੀਂ ਛੱਡਿਆ ਗਿਆ ਸੀ। ਨਗਰ ਨਿਗਮ ਵਲੋਂ ਨਿਯਮਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਫਿਲਹਾਲ ਮੌਜੂਦਾ ਕਾਰਵਾਈ ਪੂਰੀ ਕਰ ਦਿੱਤੀ ਗਈ ਹੈ ਅਤੇ ਜੇਕਰ ਅੱਗੇ ਵੀ ਕੋਈ ਉਲੰਘਣਾ ਜਾਂ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਿਸ ਵਲੋਂ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ।