11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਭਾਰਤ-ਅਮਰੀਕਾ ਫ਼ਰੀ ਟਰੇਡ ਸਮਝੌਤੇ ਵਿਰੁੱਧ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-06-2026


ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀ.ਕੇ.ਯੂ. ਏਕਤਾ ਆਜ਼ਾਦ, ਬੀ.ਕੇ.ਯੂ. ਬਹਿਰਾਮਕੇ ਅਤੇ ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਭਾਰਤ-ਅਮਰੀਕਾ ਫ਼ਰੀ ਟਰੇਡ ਸਮਝੌਤੇ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਲਖਵੀਰ ਸਿੰਘ ਦੌਧਰ ਬੀ.ਕੇ.ਯੂ. ਏਕਤਾ ਆਜ਼ਾਦ, ਗੁਰਲਾਲ ਸਿੰਘ ਗੋਲੇਵਾਲਾ ਸੂਬਾ ਖ਼ਜ਼ਾਨਚੀ ਬੀ.ਕੇ.ਯੂ. ਕ੍ਰਾਂਤੀਕਾਰੀ, ਗੁਰਮੇਲ ਸਿੰਘ ਸੂਬਾ ਸਕੱਤਰ ਬੀ.ਕੇ.ਯੂ. ਬਹਿਰਾਮਕੇ ਨੇ ਕਿਹਾ ਕਿ ਭਾਰਤ-ਅਮਰੀਕਾ ਫ਼ਰੀ ਟਰੇਡ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿਤਾਂ ਦੇ ਉਲਟ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖੇਤੀ ਉਤਪਾਦਾਂ, ਡੇਅਰੀ ਅਤੇ ਹੋਰ ਵਸਤਾਂ ਦੀ ਬੇਰੋਕ ਦਰਾਮਦ ਨੂੰ ਮਨਜ਼ੂਰੀ ਦਿੱਤੀ ਗਈ ਤਾਂ ਭਾਰਤੀ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਅਤੇ ਦੁੱਧ ਦਾ ਵਾਜਬ ਭਾਅ ਮਿਲਣਾ ਹੋਰ ਵੀ ਮੁਸ਼ਕਿਲ ਹੋ ਜਾਵੇਗਾ। ਇਸ ਨਾਲ ਖੇਤੀ ਲਾਗਤ ਅਤੇ ਕਰਜ਼ੇ ਦਾ ਬੋਝ ਵਧੇਗਾ ਅਤੇ ਪੇਂਡੂ ਆਰਥਿਕਤਾ ਨੂੰ ਵੱਡਾ ਝਟਕਾ ਲੱਗੇਗਾ। ਇਸ ਤੋਂ ਇਲਾਵਾ ਛੋਟੇ ਉਦਯੋਗਾਂ ਅਤੇ ਸਵੈ-ਰੁਜ਼ਗਾਰ ਨਾਲ ਜੁੜੇ ਲੱਖਾਂ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸੇ ਵੀ ਅੰਤਰ-ਰਾਸ਼ਟਰੀ ਵਪਾਰਕ ਸਮਝੌਤੇ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ, ਮਜ਼ਦੂਰ ਸੰਗਠਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ। ਲੋਕਾਂ ਦੇ ਹਿਤਾਂ ਨੂੰ ਨਜ਼ਰ-ਅੰਦਾਜ਼ ਕਰ ਕੇ ਕੀਤੇ ਜਾਣ ਵਾਲੇ ਕਿਸੇ ਵੀ ਸਮਝੌਤੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਭਾਰਤ-ਅਮਰੀਕਾ ਫ਼ਰੀ ਟਰੇਡ ਸਮਝੌਤੇ ਨੂੰ ਲੋਕ ਵਿਰੋਧੀ ਸ਼ਰਤਾਂ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਮਜ਼ਦੂਰ ਮੋਰਚੇ ਵਲੋਂ ਪੰਜਾਬ ਸਮੇਤ ਪੂਰੇ ਦੇਸ਼ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਭਾਰਤ-ਅਮਰੀਕਾ ਫ਼ਰੀ ਟਰੇਡ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੋਕਰੀ, ਨਛੱਤਰ ਸਿੰਘ ਹੇਰ, ਜਰਨੈਲ ਸਿੰਘ, ਹਰਬੰਸ ਸਿੰਘ, ਗੁਰਭੇਜ ਸਿੰਘ ਸਾਹ ਵਾਲਾ, ਹੀਰਾ ਸਿੰਘ, ਗੁਰਦੇਵ ਸਿੰਘ ਸਾਹ ਵਾਲਾ, ਬਾਜ ਸਿੰਘ ਸੰਗਲਾ, ਅੰਗਰੇਜ਼ ਸਿੰਘ ਜੌਹਲ, ਜਗਰਾਜ ਸਿੰਘ ਦੱਦਾਹੂਰ, ਬਲਵਿੰਦਰ ਸਿੰਘ ਕਿਸ਼ਨਪੁਰਾ, ਗੁਰਦੀਪ ਸਿੰਘ ਵੈਰੋਕੇ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਬੱਡੀ ਖਿਡਾਰੀ ਭਰਾ ਨੂੰ ਭਾਵੁਕ ਮਾਹੌਲ ਦੌਰਾਨ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਖਿਲਾਫ਼ ਮੋਦੀ ਸਾਮਰਾਜ ਦੀਆਂ ਅਰਥੀਆਂ ਸਾੜੀਆਂ
Ad Position 24