ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ‘ਚ ਚੱਲ ਰਹੀ “ਵਿਸ਼ੇਸ਼ ਗਹਿਰੀ ਸੁਧਾਈ 2026 ਤਹਿਤ ਬੀ.ਐਲ.ਓ. ਵਲੋਂ ਘਰ-ਘਰ ਜਾ ਕੇ ਫਾਰਮ ਵੰਡਣ ਦੀ ਮੁਹਿੰਮ ਅੱਜ ਮੋਗਾ ਵਿਖੇ ਵੀ ਸ਼ੁਰੂ ਹੋਈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਖ਼ੁਦ ਮੋਗਾ ਸ਼ਹਿਰ ਦੀ ਸਾਧਾਂਵਾਲੀ ਬਸਤੀ ਸਮੇਤ ਹੋਰ ਵੱਖ-ਵੱਖ ਥਾਵਾਂ ‘ਤੇ ਇਸ ਮੁਹਿੰਮ ਦੀ ਅਗਵਾਈ ਕਰ ਕੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਮੋਗਾ ਜਸਪਿੰਦਰ ਸਿੰਘ, ਐਸ.ਡੀ.ਐਮ. ਸਤਵਿੰਦਰਪਾਲ ਸਿੰਘ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿਚ 92 ਫ਼ੀਸਦੀ ਤੋਂ ਜ਼ਿਆਦਾ ਇਸ ਮੁਹਿੰਮ ਤਹਿਤ ਪ੍ਰੀ ਐਸ.ਆਈ.ਆਰ. ਮੈਪਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿਚ 804 ਬੀ.ਐਲ.ਓ., 4 ਈ.ਆਰ.ਓ. ਸਮੇਤ ਹੋਰ ਫ਼ੀਲਡ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਬੀ.ਐਲ.ਓ. ਹਰ ਘਰ ਵਿਚ ਘੱਟੋ ਘੱਟ ਤਿੰਨ ਵਾਰ ਜਾਣਗੇ ਅਤੇ ਘਰ-ਘਰ ਫਾਰਮ ਵੰਡਣ ਦੀ ਇਹ ਮੁਹਿੰਮ 24 ਜੁਲਾਈ 2026 ਤੱਕ ਚੱਲੇਗੀ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਤੇ ਦਾਅਵੇ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਲਏ ਜਾਣਗੇ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਸੇਤੀਆ ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਮਕਸਦ ਵੋਟਰ ਸੂਚੀ ਨੂੰ ਸੌ ਫ਼ੀਸਦੀ ਸ਼ੁੱਧ, ਨਿਰੋਲ ਤੇ ਕਮੀ ਰਹਿਤ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਨਵੇਂ ਯੋਗ ਵੋਟਰਾਂ ਦੇ ਨਾਂਅ ਸ਼ਾਮਿਲ ਕੀਤੇ ਜਾ ਰਹੇ ਹਨ, ਮ੍ਰਿਤਕ ਜਾਂ ਸ਼ਿਫ਼ਟ ਹੋ ਚੁੱਕੇ ਵੋਟਰਾਂ ਦੇ ਨਾਂਅ ਕੱਟੇ ਜਾ ਰਹੇ ਹਨ ਅਤੇ ਦਰੁਸਤੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਐਸ.ਆਈ.ਆਰ. ਦੇ ਕੰਮ ‘ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।