ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਇੰਨੀ ਦਿਨੀਂ ਕੈਨੇਡਾ ਦੌਰੇ ‘ਤੇ ਹਨ। ਪਾਰਟੀ ਵਲੋਂ ਵਿਸ਼ੇਸ਼ ਤੌਰ ‘ਤੇ ਭੇਜੇ ਗਏ ਮੱਖਣ ਬਰਾੜ ਨੇ ਬਰੈਂਪਟਨ ਵਿਖੇ ਕਰਵਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਭਵਿੱਖੀ ਰਣਨੀਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵੱਡੀ ਗਿਣਤੀ ’ਚ ਇਕੱਠੇ ਹੋਏ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੱਖਣ ਬਰਾੜ ਨੇ ਕਿਹਾ ਕਿ ਕੈਨੇਡਾ ਵੱਸਦੇ ਪੰਜਾਬੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਦਿਖਾਇਆ ਜਾ ਰਿਹਾ ਪਿਆਰ ਸਤਿਕਾਰ ਤੇ ਉਤਸ਼ਾਹ ਪਾਰਟੀ ਲਈ ਬਹੁਤ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਅੱਜ ਵੀ ਆਪਣੀ ਮਿੱਟੀ ਆਪਣੀ ਭਾਸ਼ਾ ਅਤੇ ਆਪਣੇ ਸਿਆਸੀ ਵਿਰਸੇ ਨਾਲ ਡੂੰਘਾ ਰਿਸ਼ਤਾ ਰੱਖਦੇ ਹਨ ਅਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਬਰਾਬਰ ਚਿੰਤਤ ਹਨ। ਮੱਖਣ ਬਰਾੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਰਵਾਸੀ ਪੰਜਾਬੀਆਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ ਇਹ ਸਾਬਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਵੱਸਦੀ ਹੈ। ਉਨ੍ਹਾਂ ਆਖਿਆ ਕਿ ਇਹ ਇਕੱਠ ਤੇ ਪ੍ਰਵਾਸੀ ਭਾਈਚਾਰੇ ਦਾ ਉਤਸ਼ਾਹ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਵੱਡੇ ਬਦਲਾਅ ਦਾ ਇਸ਼ਾਰਾ ਕਰਦਾ ਹੈ। ਮੱਖਣ ਬਰਾੜ ਨੇ ਦਾਅਵਾ ਕੀਤਾ ਕਿ ਪ੍ਰਵਾਸੀ ਪੰਜਾਬੀਆਂ ਦਾ ਇਹ ਭਰਪੂਰ ਸਮਰਥਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਇਕ ਮਜ਼ਬੂਤ ਤਾਕਤ ਵਜੋਂ ਉੱਭਰੇਗਾ। ਇਸ ਮੌਕੇ ਹਾਜ਼ਰ ਪ੍ਰਵਾਸੀ ਪੰਜਾਬੀਆਂ ਨੇ ਵੀ ਪਾਰਟੀ ਆਗੂਆਂ ਨਾਲ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ।