ਮੋਗਾ, 28 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਗੱਲ ਪੰਜਾਬ ਦੀ ਮੁਹਿੰਮ ਤਹਿਤ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਇਕ ਵਿਸ਼ਾਲ ਕਾਨਫ਼ਰੰਸ ਕਰਵਾਈ ਗਈ, ਜਿਸ ਵਿਚ ਪਰਵਾਸੀ ਪੰਜਾਬੀਆਂ ਅਤੇ ਪਾਰਟੀ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਕਾਨਫ਼ਰੰਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਰਵਾਸੀ ਪੰਜਾਬੀਆਂ ਦੀ ਭੂਮਿਕਾ, ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਅਹਿਮ ਮਸਲਿਆਂ ਉੱਤੇ ਤਫ਼ਸੀਲ ਨਾਲ ਗੁਫ਼ਤਗੂ ਕੀਤੀ ਗਈ। ਸਮਾਗਮ ਦੌਰਾਨ ਹਾਜ਼ਰੀਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੀ ਬਿਹਤਰੀ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਰਵਾਂ ਸਮਰਥਨ ਦਿੱਤਾ ਗਿਆ। ਕਾਨਫ਼ਰੰਸ ਨੂੰ ਬਰਜਿੰਦਰ ਸਿੰਘ ਮੱਖਣ ਬਰਾੜ, ਗੁਰਪ੍ਰੀਤ ਸਿੰਘ ਝੱਬਰ, ਸਤਵਿੰਦਰਪਾਲ ਸਿੰਘ ਢੱਟ ਅਤੇ ਐਡਵੋਕੇਟ ਰਾਜ ਕਮਲ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹਮੇਸ਼ਾ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੇ ਵਤਨ ਨਾਲ ਦਿਲੀ ਲਗਾਅ ਰੱਖਦੇ ਹਨ ਅਤੇ ਹਰ ਔਖੇ ਵੇਲੇ ਪੰਜਾਬ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਉਨ੍ਹਾਂ ਆਖਿਆ ਕਿ ਗੱਲ ਪੰਜਾਬ ਦੀ ਮੁਹਿੰਮ ਦਾ ਮਕਸਦ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀ ਸੋਚ ਨਾਲ ਜੋੜਨਾ ਅਤੇ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਸਿੱਧਾ ਸੰਵਾਦ ਕਾਇਮ ਕਰਨਾ ਹੈ। ਇਸ ਮੌਕੇ ਟੋਰਾਂਟੋ ਅਤੇ ਆਸ-ਆਸ ਦੇ ਇਲਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ। ਹਾਜ਼ਰੀਨ ਨੇ ਵਫ਼ਦ ਦਾ ਭਰਵਾਂ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੇ ਹਿਤਾਂ ਦੀ ਲੜਾਈ ਵਿਚ ਪਾਰਟੀ ਦਾ ਡਟ ਕੇ ਸਾਥ ਦੇਣਗੇ। ਇਸ ਦੌਰੇ ਦੌਰਾਨ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਕਈ ਕਾਨਫ਼ਰੰਸਾਂ ਅਤੇ ਮੀਟਿੰਗਾਂ ਸਫਲਤਾ ਪੂਰਵਕ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਨੂੰ ਪਰਵਾਸੀ ਪੰਜਾਬੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਮੁਹਿੰਮ ਨਾਲ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਰਾਬਤਾ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਦੇ ਮਸਲਿਆਂ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇਗਾ।