ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਵੱਡੀ ਗਿਣਤੀ ਮਜ਼ਦੂਰਾਂ ਵਲੋਂ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਯਾਦ ਪੱਤਰ ਦਿੱਤਾ ਗਿਆ। ਜੋ ਇਕੱਠ ‘ਚ ਆ ਕੇ ਤਹਿਸੀਲਦਾਰ ਮਨਿੰਦਰ ਸਿੰਘ ਵਲੋਂ ਹਾਸਲ ਕੀਤਾ ਗਿਆ। ਇਸ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈ ਕੇ ਮਜ਼ਦੂਰ, ਪੱਕੇ ਰੁਜ਼ਗਾਰ ਲਈ, ਮਨਰੇਗਾ ਤਹਿਤ ਪੂਰੇ ਸਾਲ ਦੇ ਵਾਸਤੇ ਕੰਮ ਅਤੇ ਘੱਟੋ ਘੱਟ ਦਿਹਾੜੀ 700/- ਕਰਨ ਦੀ ਮੰਗ ਕਰ ਰਹੇ ਹਨ, ਚੋਣ ਗਰੰਟੀਆਂ ਪੂਰੀਆਂ ਕਰਨ ਅਤੇ ਔਰਤਾਂ ਦੇ ਖਾਤੇ ਵਿਚ ਬਕਾਏ ਸਮੇਤ ਪੈਸੇ ਪਾਉਣ, ਵਿਧਵਾ, ਬੁਢਾਪਾ ਅਤੇ ਅੰਗਹੀਣ ਪੈਨਸ਼ਨ 5000/- ਕਰਨ, ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਜੀ ਰਾਮ ਜੀ ਸਕੀਮ ਰੱਦ ਕਰਨ ਅਤੇ ਕਿਰਤ ਕਾਨੂੰਨਾਂ ਦੀ ਥਾਂ ਬਣਾਏ ਚਾਰ ਲੇਬਰ ਕਾਨੂੰਨ ਰੱਦ ਕਰਨ ਅਤੇ ਹੱਕੀ ਮੰਗਾਂ ਵਾਸਤੇ ਮਜ਼ਦੂਰ ਲਗਾਤਾਰ ਸੰਘਰਸ਼ ਕਰ ਰਹੇ ਹਨ। ਪਰ ਬਦਲਾਅ ਦਾ ਨਾਹਰਾ ਦੇਣ ਵਾਲੀ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਕੇ ਮਜ਼ਦੂਰਾਂ ਨਾਲ ਵਿਤਕਰਾ ਕਰ ਰਹੀ ਹੈ ਇਹ ਜਾਣਕਾਰੀ ਸਾਂਝੇ ਮਜ਼ਦੂਰ ਮੋਰਚੇ ਦੀ ਤਰਫ਼ੋਂ ਪ੍ਰੈੱਸ ਨਾਲ ਸਾਂਝੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮੇਜਰ ਸਿੰਘ ਕਾਲੇਕੇ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਮੰਗਾ ਸਿੰਘ ਵੈਰੋਕੇ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਰਨਲ ਸਕੱਤਰ ਰਾਮ ਕ੍ਰਿਸ਼ਨ ਧਰਮਕੋਟ ਨੇ ਦੱਸਿਆ ਹੈ ਕਿ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਲੋਕ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਮਜ਼ਦੂਰ ਮੰਗਾਂ ਦੀ ਅਣਦੇਖੀ ਕਰ ਰਹੀ ਹੈ, ਉੱਥੇ ਹੱਕ ਮੰਗਦੇ ਹਰ ਤਬਕੇ ਦੇ ਸੰਘਰਸ਼ ਨੂੰ ਡਾਂਗ ਦੇ ਜ਼ੋਰ ਦਬਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਮਜ਼ਦੂਰ ਮੰਗਾਂ ਮਨਵਾਉਣ ਅਤੇ ਮਹਿੰਗਾਈ ਵਿਰੁੱਧ ਪੰਜਾਬ ਅੰਦਰ ਵੱਡਾ ਮਜ਼ਦੂਰ ਅੰਦੋਲਨ ਖੜਾ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਹਿੰਮਤਪੁਰਾ, ਹਾਕਮ ਸਿੰਘ, ਕਰਮ ਸਿੰਘ ਕਾਲੇਕੇ, ਹੰਸਾ ਸਿੰਘ, ਮਨਦੀਪ ਸਿੰਘ ਕੋਕਰੀ ਕਲਾਂ, ਬੰਤ ਸਿੰਘ ਰਾਜੇਆਣਾ, ਮੇਜਰ ਸਿੰਘ ਫੂਲੇਵਾਲਾ, ਬਲਜਿੰਦਰ ਸਿੰਘ ਨੱਥੋਕੇ, ਕਾਝਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਤੇਜ਼ ਸਿੰਘ ਨਾਹਲ ਖੋਟੇ, ਬੱਗਾ ਸਿੰਘ ਤੇ ਕਰਨੈਲ ਸਿੰਘ ਸਿੰਘਾਂ ਵਾਲਾ ਆਦਿ ਆਗੂ ਵੀ ਹਾਜ਼ਰ ਸਨ।