ਮੋਗਾ, 1 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਮੋਗਾ ਜ਼ਿਲ੍ਹੇ ਵਿਚ ਚੱਲ ਰਹੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਮੂਹ ਐਸ.ਡੀ.ਐਮ., ਤਹਿਸੀਲਦਾਰ ਚੋਣਾਂ ਤੇ ਹੋਰ ਵੀ ਅਧਿਕਾਰੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਸਮੂਹ ਐਸ.ਡੀ.ਐਮ. ਨੂੰ ਆਦੇਸ਼ ਜਾਰੀ ਕੀਤੇ ਕਿ ਐਸ.ਆਈ.ਆਰ. ਦੇ ਕੰਮ ਨੂੰ ਪਹਿਲ ਆਧਾਰ ‘ਤੇ ਤਰੁੱਟੀ ਰਹਿਤ ਕਰਨਾ ਯਕੀਨੀ ਬਣਾਇਆ ਜਾਵੇ। ਐਸ.ਆਈ.ਆਰ. ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ ਜਿਨ੍ਹਾਂ ਵਿਚੋਂ 7 ਲੱਖ 54 ਹਜ਼ਾਰ 315 ਵੋਟਰਾਂ ਨੂੰ ਘਰ-ਘਰ ਜਾ ਕੇ ਫਾਰਮ ਵੰਡੇ ਜਾ ਚੁੱਕੇ ਹਨ ਜਿਹੜਾ ਕਿ 99.46 ਫ਼ੀਸਦੀ ਬਣਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵੋਟਰ ਵੋਟਰ ਸੂਚੀ ਵਿਚੋਂ ਰਹਿਣਾ ਨਹੀਂ ਚਾਹੀਦਾ ਅਤੇ ਅਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪੂਰਨ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਬੀ.ਐਲ.ਓ. ਲਗਾਤਾਰ ਘਰਾਂ ਵਿਚ ਜਾ ਰਹੇ ਹਨ। ਉਨ੍ਹਾਂ ਐਸ.ਡੀ.ਐਮ. ਨੂੰ ਹੁਕਮ ਦਿੱਤੇ ਕਿ ਸਾਰੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਤਰੁੱਟੀ ਰਹਿਤ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦਾ ਆਧਾਰ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਆਉਣ ਵਾਲੇ ਬੀ.ਐਲ.ਓ. ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਕਿਉਂਕਿ ਐਸ.ਆਈ.ਆਰ. ਦਾ ਮੁੱਖ ਮਕਸਦ ਵੋਟਰ ਸੂਚੀ ਨੂੰ ਸੌ ਫ਼ੀਸਦੀ ਸ਼ੁੱਧ, ਨਿਰੋਲ ਤੇ ਕਮੀ ਰਹਿਤ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਨਵੇਂ ਯੋਗ ਵੋਟਰਾਂ ਦੇ ਨਾਂਅ ਸ਼ਾਮਿਲ ਕੀਤੇ ਜਾ ਰਹੇ ਹਨ, ਮ੍ਰਿਤਕ ਜਾਂ ਸ਼ਿਫ਼ਟ ਹੋ ਚੁੱਕੇ ਵੋਟਰਾਂ ਦੇ ਨਾਂਅ ਕੱਟੇ ਜਾ ਰਹੇ ਹਨ ਅਤੇ ਦਰੁਸਤੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੂਰੇ ਜ਼ਿਲ੍ਹੇ ਵਿਚ 804 ਬੀ.ਐਲ.ਓ., 4 ਈ.ਆਰ.ਓ. ਸਮੇਤ ਹੋਰ ਫ਼ੀਲਡ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਘਰ-ਘਰ ਫਾਰਮ ਵੰਡਣ ਦੀ ਇਹ ਮੁਹਿੰਮ 24 ਜੁਲਾਈ 2026 ਤੱਕ ਚੱਲੇਗੀ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3 ਅਗਸਤ ਤੋਂ 2 ਸਤੰਬਰ 2026 ਤੱਕ ਲਏ ਜਾਣਗੇ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਮੋਗਾ ਦੇ ਕੁੱਲ 758410 ਵੋਟਰਾਂ ਵਿਚੋਂ 99.46 ਫ਼ੀਸਦੀ ਵੋਟਰਾਂ ਨੂੰ ਘਰ-ਘਰ ਵੰਡੇ ਜਾ ਚੁੱਕੇ ਹਨ ਫਾਰਮ
ਅਜੀਤ ਡੈਸਕ
02-07-2026