ਮੋਗਾ, 5 ਜੁਲਾਈ (ਸੁਰਿੰਦਰਪਾਲ ਸਿੰਘ)-ਅੱਜ ਨੌਜਵਾਨ ਭਾਰਤ ਸਭਾ ਇਲਾਕਾ ਕਮੇਟੀ ਵਲੋਂ ਜੋ ਕਿ 10 ਜੁਲਾਈ ਨੂੰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਨਰੇਗਾ ਦਾ ਕਾਨੂੰਨ ਬਹਾਲ ਅਤੇ ਜੀ ਰਾਮ ਜੀ ਕਾਨੂੰਨ ਰੱਦ ਕਰਵਾਉਣ ਲਈ ਬਾਘਾ ਪੁਰਾਣਾ ਸ਼ਹਿਰ ਵਿਚ ਮੁਜ਼ਾਹਰਾ ਕੀਤਾ ਜਾਣਾ ਹੈ ਉਸ ਦੀ ਹਮਾਇਤ ਕਰਨ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ। ਗੁਰਪ੍ਰੀਤ ਸਮਾਲਸਰ ਨੇ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਜੀ ਰਾਮ ਜੀ ਕਾਨੂੰਨ 1 ਜੁਲਾਈ ਤੋਂ ਲਾਗੂ ਹੋ ਰਿਹਾ ਹੈ। ਇਸ ਕਾਨੂੰਨ ਨਾਲ ਮਨਰੇਗਾ ਮਜ਼ਦੂਰਾਂ ਦੇ ਕੰਮ ਉੱਤੇ ਬਹੁਤ ਮਾੜਾ ਅਸਰ ਪਵੇਗਾ, ਕੇਂਦਰ ਸਰਕਾਰ ਨੇ 60:40 ਦੀ ਰੇਸ਼ੋ ਤਹਿ ਕਰ ਕੇ ਮਨਰੇਗਾ ਤੋਂ ਆਪਣਾ ਪੱਲਾ ਛਡਵਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਬਿਨਾਂ ਜੀ ਰਾਮ ਜੀ ਕਾਨੂੰਨ ਵਿਚ ਹੋਰ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਹਨ ਜਿਸ ਨਾਲ ਮਜ਼ਦੂਰਾਂ ਦੇ ਕੰਮ ਉੱਤੇ ਬਹੁਤ ਮਾੜਾ ਅਸਰ ਪਵੇਗਾ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਕੇਂਦਰ ਸਰਕਾਰ ਦੀ ਪੈੜ ‘ਚ ਪੈਰ ਧਰਦਿਆਂ ਇਸ ਦੇ ਹੱਕ ਵਿਚ ਮਤਾ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੀਤੇ ਜਾ ਰਹੇ ਮੁਜ਼ਾਹਰੇ ਦੀ ਹਮਾਇਤ ਕਰਦੇ ਹਾਂ ਅਤੇ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜੀ ਰਾਮ ਜੀ ਕਾਨੂੰਨ ਨੂੰ ਰੱਦ ਕੀਤਾ ਜਾਵੇ ਅਤੇ ਮਨਰੇਗਾ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ, ਨਾਲ ਹੀ ਉਨ੍ਹਾਂ ਦੀ 700 ਰੁਪਏ ਦਿਹਾੜੀ ਕੀਤੀ ਜਾਵੇ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਤੇ ਵਰਕਰ ਹਾਜ਼ਰ ਸਨ।