ਧਰਮਕੋਟ, 5 ਜੁਲਾਈ (ਪਰਮਜੀਤ ਸਿੰਘ)-ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ, ਲੋਹਗੜ੍ਹ ਰੋਡ, ਧਰਮਕੋਟ ਵਿਚ ਵਿਦਿਆਰਥੀਆਂ ਦਾ ਪਹਿਲੇ ਦਿਨ ਨਿੱਘੇ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਵਲੋਂ ਵਾਤਾਵਰਣ ਸੰਭਾਲ ਦਾ ਸੰਦੇਸ਼ ਦੇਣ ਲਈ ਵਿਸ਼ੇਸ਼ ਗਰੀਨ ਪਲਾਂਟੇਸ਼ਨ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਵਿਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਤੋਂ ਛੋਟੇ ਹਰੇ ਬੂਟੇ ਲਿਆ ਕੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਸਕੂਲ ਕੈਂਪਸ ਵਿਚ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਬੱਚਿਆਂ ਵਿਚ ਕੁਦਰਤ ਪ੍ਰਤੀ ਪਿਆਰ, ਵਾਤਾਵਰਣ ਦੀ ਸੰਭਾਲ ਅਤੇ ਹਰੀਆਵਲੀ ਨੂੰ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਨੇ ਕਿਹਾ ਕਿ ਬੱਚਿਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਜੇਕਰ ਇਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ, ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਿਹਤਮੰਦ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਿਆ ਜਾ ਸਕਦਾ ਹੈ। ਮੈਨੇਜਮੈਂਟ ਡਾਇਰੈਕਟਰ ਬਲਜੀਤ ਕੌਰ ਭੁੱਲਰ ਨੇ ਕਿਹਾ ਕਿ ਸਕੂਲ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਪ੍ਰਮੁੱਖਤਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੁੜਨ ਅਤੇ ਵਾਤਾਵਰਣ ਦੀ ਰੱਖਿਆ ਲਈ ਹਮੇਸ਼ਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸਮੀਤਾ ਸਿੰਘ ਨੇ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਪਰਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬੂਟਿਆਂ ਦੀ ਸੰਭਾਲ ਕਰਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਈ ਗਈ ਇਹ ਹਰੀਆਵਲੀ ਮੁਹਿੰਮ ਸਕੂਲ ਦੇ ਪਹਿਲੇ ਦਿਨ ਦਾ ਵਿਸ਼ੇਸ਼ ਆਕਰਸ਼ਨ ਬਣੀ। ਇਸ ਉਪਰਾਲੇ ਨੇ ਬੱਚਿਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਕੂਲ ਦਾ ਮਾਹੌਲ ਵੀ ਹੋਰ ਹਰਿਆ-ਭਰਿਆ ਅਤੇ ਸੁੰਦਰ ਬਣਾ ਦਿੱਤਾ।