ਮੋਗਾ, 7 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ਤੇ ਸਥਿਤ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਰ ਸਾਲ ਦੀ ਤਰ੍ਹਾਂ ਮਿਸ਼ਨ ਹਰਿਆਲੀ 2026 ਦੀ ਮੁਹਿੰਮ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਸ਼ੁਰੂ ਕੀਤੇ ਮਿਸ਼ਨ ਹਰਿਆਲੀ ਵਿਚ ਹਰ ਸਾਲ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਭਾਗ ਲੈਂਦੇ ਹਨ। ਇਸ ਸਾਲ ਵੀ ਇਸ ਮੁਹਿੰਮ ਦਾ ਮਕਸਦ ਪੰਜਾਬ ਭਰ ਵਿਚ 9 ਲੱਖ ਬੂਟੇ ਲਗਾਉਣਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਹੈ। ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਕੈਂਬਰਿਜ ਸਕੂਲ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਅਜਿਹੇ ਮਿਸ਼ਨ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਅਤੇ ਹੋਰ ਲੋਕਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਆਪਣੇ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਸਕੂਲ ਵਿਚ ਉਚਿੱਤ ਸਥਾਨਾਂ ‘ਤੇ ਵੱਖ- ਵੱਖ ਬੂਟੇ ਲਗਾਏ। ਵਿਦਿਆਰਥੀਆਂ ਨੇ ਇਸ ਮੌਕੇ ਰੁੱਖਾਂ ਦੀ ਸੰਭਾਲ, ਪਾਣੀ ਦੀ ਬੱਚਤ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਵਾਅਦਾ ਕੀਤਾ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਅੱਜ ਵੱਧ ਰਹੇ ਤਾਪਮਾਨ ਅਤੇ ਘੱਟ ਰਹੀ ਹਰਿਆਲੀ ਵਿਚ ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਈਏ। ਸਕੂਲ ਵਿਚ ਗਰਮੀ ਦੀਆਂ ਛੁੱਟੀਆਂ ਵਿਚ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਕੰਮ ਦਿੱਤਾ ਜਾਂਦਾ ਹੈ ਅਤੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਂਦੇ ਹਨ। ਵਿਦਿਆਰਥੀ ਆਪਣੇ ਦੁਆਰਾ ਲਗਾਏ ਗਏ ਬੂਟਿਆਂ ਦੀ ਪੂਰੀ ਸੰਭਾਲ ਕਰਦੇ ਹਨ। ਦਵਿੰਦਰਪਾਲ ਸਿੰਘ ਨੇ ਕਿਹਾ ਕਿ ਫੈਡਰੇਸ਼ਨ ਵਲੋਂ ਸਮਾਜ ਦੀ ਭਲਾਈ ਲਈ ਚਲਾਏ ਹਰ ਪ੍ਰੋਗਰਾਮ ਵਿਚ ਸਹਿਯੋਗ ਦੇਣ ਲਈ ਉਹ ਅਤੇ ਉਨ੍ਹਾਂ ਦੀ ਟੀਮ ਹਰ ਸਮੇਂ ਤਿਆਰ ਹੈ।