ਮੋਗਾ, 8 ਜੁਲਾਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਐਡਲਰਲਾਈਨ ਹੈਲਪ ਲਾਈਨ 14567 ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹੈਲਪ ਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸ ਟੋਲ ਫ਼ਰੀ ਨੰਬਰ ‘ਤੇ ਸੰਪਰਕ ਕਰ ਕੇ ਬਜ਼ੁਰਗ ਕਾਨੂੰਨੀ ਮਾਰਗ ਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕੌਂਸਲਿੰਗ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਸੀਨੀਅਰ ਸਿਟੀਜ਼ਨ ਇਸ ਹੈਲਪ ਲਾਈਨ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਨਹੀਂ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਬਜ਼ੁਰਗਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਾਗਰ ਸੇਤੀਆ ਨੇ ਸਮੂਹ ਜ਼ਿਲ੍ਹਾ ਵਾਸੀਆਂ, ਪੰਚਾਇਤੀ ਰਾਜ ਸੰਸਥਾਵਾਂ, ਬਲਾਕ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪ ਲਾਈਨ ਬਾਰੇ ਵਿਆਪਕ ਜਾਗਰੂਕਤਾ ਫੈਲਾਉਣ ਵਿਚ ਸਹਿਯੋਗ ਕਰਨ ਤਾਂ ਜੋ ਹਰ ਲੋੜਵੰਦ ਬਜ਼ੁਰਗ ਇਸ ਸੇਵਾ ਦਾ ਲਾਭ ਪ੍ਰਾਪਤ ਕਰ ਸਕੇ।