ਠੱਠੀ ਭਾਈ, 10 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਵਾਂਦਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਇਕ ਵਿਸ਼ੇਸ਼ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਬੱਸ ਨੂੰ ਯਾਦਵਿੰਦਰ ਸਿੰਘ ਵਾਂਦਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਅਤੇ ਪ੍ਰਧਾਨ ਹਲਕਾ ਬਾਘਾ ਪੁਰਾਣਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਯਾਦਵਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂ ਪਰਿਵਾਰਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ, ਜਿਸ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਉਠਾ ਰਹੇ ਹਨ। ਬੱਸ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਧਾਰਮਿਕ ਯਾਤਰਾ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪਤਵੰਤੇ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਵਿਦਾ ਕੀਤਾ।