ਮੋਗਾ, 10 ਜੁਲਾਈ (ਗੁਰਤੇਜ ਸਿੰਘ ਬੱਬੀ)-ਅੱਜ ਸਪੈਸ਼ਲ ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਦੀਪ ਸਿੰਘ ਮੰਡ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਵਲੋਂ ‘’ਰੁੱਖ ਮਿੱਤਰ’’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ਵਿਖੇ ਬੂਟੇ ਲਗਾਏ ਗਏ। ਜਿਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਰੁੱਖਾਂ ਦੇ ਬੂਟੇ ਵੀ ਵੰਡੇ ਗਏ ਤਾਂ ਕਿ ਹਰ ਬੱਚਾ ਆਪਣੇ ਘਰ ਵਿਚ ਇਕ ਬੂਟੇ ਜ਼ਰੂਰ ਲਗਵਾਏ ਅਤੇ ਸਕੂਲੀ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਐਸ.ਪੀ. ਸਨਦੀਪ ਸਿੰਘ ਮੰਡ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਿਨੋਂ ਦਿਨ ਵਧ ਰਹੀ ਆਲਮੀ ਤਪਸ਼ ਅਤੇ ਵਾਤਾਵਰਨ ਨੂੰ ਸਾਫ਼ ਤੇ ਸ਼ੁੱਧ ਬਣਾਉਣ ਲਈ ਰੁੱਖਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ, ਇਸ ਲਈ ਹੀ ਰੁੱਖ ਮਿੱਤਰ ਮੁਹਿੰਮ ਚਲਾਈ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਖ਼ਾਸ ਕਰਕੇ ਆਪਣੇ ਜਨਮ ਦਿਨ ਤੇ ਇਕ ਬੂਟਾ ਲਗਾ ਕੇ ਉਸ ਦਾ ਪਾਲਣ ਪੋਸ਼ਣ ਕਰੇ। ਇਸ ਮੌਕੇ ਸਹਾਇਕ ਥਾਣੇਦਾਰ ਹਰਮੇਲ ਸਿੰਘ, ਸਮਾਜ ਸੇਵੀ ਗੁਰਸੇਵਕ ਸਿੰਘ ਸੰਨਿਆਸੀ, ਐਨ.ਜੀ.ਓ. ਐਸ.ਕੇ. ਬਾਂਸਲ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮੋਗਾ, ਯੁਵਾ ਸਾਂਝ ਕਮੇਟੀ ਮੈਂਬਰ ਅਤੇ ਹੋਰ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।